20 ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼)ਸ਼੍ਰੋਮਣੀ ਅਕਾਲੀ ਦਲ ਖਿੰਡਦਾ ਜਾ ਰਿਹਾ ਹੈ। ਸੁਖਬੀਰ ਬਾਦਲ ਦੇ ਅਸਤੀਫੇ ਮਗਰੋਂ ਇੱਕ-ਇੱਕ ਕਰਕੇ ਲੀਡਰ ਪਾਰਟੀ ਛੱਡਦੇ ਜਾ ਰਹੇ ਹਨ। ਅੱਜ ਅਨਿਲ ਜੋਸ਼ੀ ਨੇ ਵੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਖਿੰਡਦਾ ਜਾ ਰਿਹਾ ਹੈ। ਸੁਖਬੀਰ ਬਾਦਲ ਦੇ ਅਸਤੀਫੇ ਮਗਰੋਂ ਇੱਕ-ਇੱਕ ਕਰਕੇ ਲੀਡਰ ਪਾਰਟੀ ਛੱਡਦੇ ਜਾ ਰਹੇ ਹਨ। ਅੱਜ ਅਨਿਲ ਜੋਸ਼ੀ ਨੇ ਵੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਬਲਵਿੰਦਰ ਸਿੰਘ ਭੂੰਦੜ ਨੂੰ ਭੇਜਿਆ ਹੈ। ਜੋਸ਼ੀ ਨੇ ਕਿਹਾ ਹੈ ਕਿ ਪਾਰਟੀ ਪੰਥਕ ਤੇ ਧਾਰਮਿਕ ਏਜੰਡੇ ਵਿੱਚ ਹੀ ਉਲਝ ਕੇ ਰਹਿ ਗਈ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਐਨਕੇ ਸ਼ਰਮਾ ਤੇ ਤਰਨ ਤਾਰਨ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਵੀ ਆਪਣੇ ਸਮੂਹ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਵੀ ਆਪਣਾ ਅਸਤੀਫ਼ਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪਿਆ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਡੇਰਾਬੱਸੀ ਦੇ ਸਾਬਕਾ ਵਿਧਾਇਕ ਐਨਕੇ ਸ਼ਰਮਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਿਆਂ ਕਿਹਾ ਸੀ ਕਿ ਅਕਾਲੀ ਦਲ ਨੂੰ ਢਾਹ ਲਾਉਣ ਲਈ ਸੁਖਬੀਰ ਬਾਦਲ ਖ਼ਿਲਾਫ਼ ਗਿਣੀ ਮਿਥੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਜੇ ਸੁਖਬੀਰ ਬਾਦਲ ਪਾਰਟੀ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਵਿੱਚ ਵਰਕਰ ਬਣ ਕੇ ਕੰਮ ਕਰਨਗੇ ਪਰ ਜੇ ਉਹ ਪਾਰਟੀ ਦੇ ਪ੍ਰਧਾਨ ਨਾ ਰਹੇ ਤਾਂ ਉਨ੍ਹਾਂ ਦਾ ਪਾਰਟੀ ’ਚ ਕੋਈ ਕੰਮ ਨਹੀਂ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਫੱਤਣਵਾਲਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਫੱਤਣਵਾਲਾ ਨੇ ਕਿਹਾ ਸੀ ਕਿ ਜੇ ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਹੀਂ ਤਾਂ ਉਹ ਵੀ ਪਾਰਟੀ ’ਚ ਨਹੀਂ ਰਹਿਣਾ ਚਾਹੁੰਦੇ। ਇਸੇ ਤਰ੍ਹਾਂ ਦਲ ਦੇ ਯੂਥ ਵਿੰਗ ਦੇ ਆਗੂ ਜੈ ਰਾਜ ਸਿੰਘ ਬਰਾੜ ਫੱਤਣਵਾਲਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।