*ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਹੋਵੇਗੀ-ਸੁਖਬੀਰ ਬਾਦਲ*

0
22

ਮਾਨਸਾ 20 ਦਸੰਬਰ(ਸਾਰਾ ਯਹਾਂ/ਜੋਨੀ ਜਿੰਦਲ ):  ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਬਣਨ ‘ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ, ਉਨ੍ਹਾਂ ਇਹ ਵੀ ਕਿਹਾ ਕਿ ਮੁਲਾਜ਼ਮਾਂ ਦੀ ਇਸ ਅਹਿਮ ਮੰਗ ਨੂੰ ਬਕਾਇਦਾ ਰੂਪ ਵਿੱਚ ਅਕਾਲੀ ਦਲ ਦੇ ਮੈਨੀਫੈਸਟੋ ਵਿੱਚ ਸ਼ਾਮਲ ਕੀਤਾ ਜਾਵੇਗਾ। ਸ੍ਰੀ ਬਾਦਲ ਨੇ ਇਹ ਭਰੋਸਾ ਵੱਖ ਵੱਖ ਅਧਿਆਪਕ ਜਥੇਬੰਦੀਆਂ ਨਾਲ ਮਾਨਸਾ ਵਿਖੇ ਹੋਈ ਅਹਿਮ ਮੀਟਿੰਗ ਦੌਰਾਨ ਕੀਤਾ।
           ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ,ਮੁਲਾਜ਼ਮਾਂ ਦੇ ਪੇ ਸਕੇਲਾਂ ਨੂੰ ਦਰੁਸਤ ਕਰਨ ਅਤੇ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪੂਰਾ ਕਰਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦੀ ਸਰਕਾਰ ਨੇ ਹਮੇਸ਼ਾਂ ਹੀ ਮੁਲਾਜ਼ਮ ਹਿੱਤਾਂ ਲਈ ਅਹਿਮ ਫੈਸਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੜ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਮੁਲਾਜ਼ਮਾਂ ਦੇ ਰਹਿੰਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਇਸ ਗੱਲ ‘ਤੇ ਚਿੰਤਾ ਜ਼ਾਹਿਰ ਕੀਤੀ ਕਿ ਕਾਂਗਰਸ ਸਰਕਾਰ ਨੇ 2004 ਤੋਂ ਬਾਅਦ ਪੁਰਾਣੀ ਪੈਨਸ਼ਨ ਬੰਦ ਕਰਕੇ ਮੁਲਾਜ਼ਮਾਂ ਨਾਲ ਵੱਡਾ ਧਰੋਹ ਕਮਾਇਆ ਗਿਆ ਹੈ,ਜਦੋਂ ਕਿ ਮੁਲਾਜ਼ਮ ਵਰਗ ਦੇ ਬੁਢਾਪੇ ਦਾ ਸਭ ਤੋਂ ਵੱਡਾ ਸਹਾਰਾ ਪੈਨਸ਼ਨ ਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਅਹਿਮ ਮੰਗ ਸਮੇਤ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਗੰਭੀਰ ਹੈ ਅਤੇ ਸਰਕਾਰ ਬਣਨ ‘ਤੇ ਸਭ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਮਜ੍ਹਬੀ ਸਿੱਖ ਬਾਲਮੀਕਿ ਭਲਾਈ ਫਰੰਟ ਦੀ ਪ੍ਰਧਾਨ ਮੈਡਮ ਹਰਪਾਲ ਕੌਰ ਦੇ ਘਰ ਹੋਈ ਇਸ ਅਹਿਮ ਮੀਟਿੰਗ ਦੌਰਾਨ ਵੱਖ ਵੱਖ ਅਧਿਆਪਕ ਜਥੇਬੰਦੀਆਂ ਦੇ ਸੀਨੀਅਰ ਆਗੂਆਂ ਹਰਦੀਪ ਸਿੰਘ ਸਿੱਧੂ, ਖੁਸ਼ਵਿੰਦਰ ਸਿੰਘ ਬਰਾੜ,ਇੰਦਰਜੀਤ ਸਿੰਘ ਧਾਲੀਵਾਲ, ਲਖਵੀਰ ਸਿੰਘ ਬੋਹਾ, ਅਕਬਰ ਸਿੰਘ ਬੱਪੀਆਣਾ,ਰਾਜਿੰਦਰ ਸਿੰਘ, ਭੂਸ਼ਣ ਕੁਮਾਰ, ਸਮਰਜੀਤ ਸਿੰਘ ਅਕਲੀਆਂ,ਗੁਰਦੀਪ ਸਿੰਘ ਅੱਕਾਂਵਾਲੀ ਨੇ ਸਾਬਕਾ ਮੁੱਖ ਮੰਤਰੀ ਦੇ ਧਿਆਨ ਚ ਲਿਆਂਦਾ ਕਿ 2004 ਤੋ ਬਾਅਦ ਵੱਖ ਵੱਖ ਵਿਭਾਗਾਂ ਚ ਕੰਮ ਕਰਦੇ ਮੁਲਾਜ਼ਮਾਂ ਦੀ ਪੈਨਸ਼ਨ ਨੂੰ ਬੰਦ ਕਰ ਦਿੱਤਾ ਹੈ,ਜਿਸ ਕਾਰਨ ਮੁਲਾਜ਼ਮ ਵਰਗ ਪਿਛਲੇ ਸਮੇਂ ਤੋਂ ਆਪਣੀ ਇਸ ਹੱਕੀ ਮੰਗ ਲਈ ਸੰਘਰਸ਼ ਕਰ ਰਿਹਾ ਹੈ। ਆਗੂਆਂ ਨੇ ਇਸ ਗੱਲ ‘ਤੇ ਤਸੱਲੀ ਜ਼ਾਹਿਰ ਕੀਤੀ ਕਿ ਅਕਾਲੀ ਦਲ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਪੱਕਾ ਭਰੋਸਾ ਦਿੱਤਾ ਹੈ,ਜਦੋਂ ਕਿ ਇਸ ਸਬੰਧੀ ਪੰਜਾਬ ਦੀ ਸੱਤਾਧਾਰੀ ਪਾਰਟੀ ਸਮੇਤ ਕਿਸੇ ਪਾਰਟੀ ਨੇ ਕੋਈ ਹੁੰਗਾਰਾ ਨਹੀਂ ਭਰਿਆ।


ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਆਗੂ ਡਿੰਪੀ ਢਿਲੋਂ, ਮਾਨਸਾ ਤੋ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ, ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ,ਮਜ੍ਹਬੀ ਸਿੱਖ ਵਾਲਮੀਕਿ ਭਲਾਈ ਫਰੰਟ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਅਮਰਿੰਦਰ ਸਿੰਘ,ਡਾ ਤਾਰੁਣ,ਵਿਸ਼ਾਲ ਮੱਟੂ, ਰਤਨ ਮੱਟੂ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here