*ਅਗਾਂਹਵਧੂ ਕਿਸਾਨ ਜਗਸੀਰ ਸਿੰਘ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਕਣਕ ਦੀ ਬਿਜਾਈ-ਮੁੱਖ ਖੇਤੀਬਾੜੀ ਅਫ਼ਸਰ*

0
84

ਮਾਨਸਾ, 05 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਲਗਾਤਾਰ ਕੈਂਪਾਂ ਰਾਹੀਂ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਵੱਡੀ ਗਿਣਤੀ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਉਨ੍ਹਾਂ ਦਾ ਆਧੁਨਿਕ ਤਕਨੀਕਾਂ ਰਾਹੀਂ ਯੋਗ ਪ੍ਰਬੰਧਨ ਕੀਤਾ ਜਾਂਦਾ ਹੈ।
ਅਜਿਹੇ ਸਫ਼ਲ ਕਿਸਾਨਾਂ ਵਿੱਚ ਜ਼ਿਲ੍ਹਾ ਮਾਨਸਾ ਦੇ ਪਿੰਡ ਭੀਖੀ ਦਾ ਰਹਿਣ ਵਾਲਾ ਅਗਾਂਹਵਧੂ ਅਤੇ ਉੱਦਮੀ ਕਿਸਾਨ ਸ਼੍ਰੀ ਜਗਸੀਰ ਸਿੰਘ ਆਪਣੀ ਵਾਹੀ ਯੋਗ ਜ਼ਮੀਨ ਵਿੱਚ ਕੁੱਲ 21 ਏਕੜ ਦੀ ਖੇਤੀ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕਿਸਾਨ ਕਰੀਬ 8 ਸਾਲਾਂ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਫ਼ਤਰ ਭੀਖੀ ਨਾਲ ਜੁੜਿਆ ਹੋਇਆ ਹੈ ਅਤੇ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕਿਸਾਨ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ. ਮਸ਼ੀਨ ਰਾਹੀਂ ਕਰਵਾਈ ਜਾਂਦੀ ਹੈ, ਜਿਸ ਨਾਲ ਪਰਾਲੀ ਖੇਤ ਵਿੱਚ ਇਕਸਾਰ ਫੈਲ ਜਾਂਦੀ ਹੈ। ਇਸ ਤੋਂ ਬਾਅਦ ਸੁਪਰਸੀਡਰ ਮਸ਼ੀਨ ਦੀ ਵਰਤੋਂ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤ ਵਿੱਚ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ।
ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਜਗਸੀਰ ਸਿੰਘ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਪੀ.ਆਰ. 126 ਆਦਿ ਦੀ ਬਿਜਾਈ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕਿਸਾਨ ਵੱਲੋਂ ਪਿੰਡਾਂ ਦੇ ਹੋਰ ਕਿਸਾਨਾਂ ਨੂੰ ਵੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਪਿੰਡ ਦੇ ਕਈ ਕਿਸਾਨ ਇਨ੍ਹਾਂ ਦੀ ਇਸ ਮਿਹਨਤ ਨੂੰ ਵੇਖਕੇ ਇਸ ਕੰਮ ਵਿੱਚ ਜੁੜੇ ਹਨ।

NO COMMENTS