
ਮਾਨਸਾ, 13 ਮਾਰਚ:(ਸਾਰਾ ਯਹਾਂ/ਬੀਰਬਲ ਧਾਲੀਵਾਲ)
ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਆਦਰਸ਼ ਚੋਣ ਜ਼ਾਬਤਾ, ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ, ਬੈਲਟ ਪੇਪਰ, ਪੋਸਟਲ ਬੈਲਟ ਆਦਿ ਲਈ ਨਿਯੁਕਤ ਕਮੇਟੀਆਂ ਦੇ ਨੋਡਲ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ।
ਸ੍ਰ. ਗਗਨਦੀਪ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਅਤੇ ਆਪਸੀ ਤਾਲਮੇਲ ਨਾਲ ਚੋਣਾਂ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਕਿਹਾ। ਉਨ੍ਹਾਂ ਆਦਰਸ਼ ਚੋਣ ਜ਼ਾਬਤੇ ਦੌਰਾਨ ਸਰਕਾਰੀ ਅਤੇ ਜਨਤਕ ਥਾਵਾਂ ਤੋਂ ਰਾਜਸੀ ਇਸ਼ਤਿਹਾਰਾਂ, ਬੈਨਰਾਂ, ਹੋਰਡਿੰਗਜ਼ ਆਦਿ ਨੂੰ ਤੁਰੰਤ ਹਟਾਉਣ ਅਤੇ ਰੈਲੀਆਂ, ਰੋਡ ਸ਼ੋਅ ਦੀ ਪ੍ਰਵਾਨਗੀ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ।
ਉਨ੍ਹਾਂ ਸਮੂਹ ਨੋਡਲ ਅਧਿਕਾਰੀਆਂ ਨੂੰ ਕਿਹਾ ਕਿ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਸਾਨੂੰ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ ਸਮੇਂ-ਸਮੇਂ ’ਤੇ ਆਉਣ ਵਾਲੀਆਂ ਹਦਾਇਤਾਂ ਪੜ੍ਹਦੇ ਰਹਿਣ ਤਾਂ ਜੋ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੋਣ ਤੋਂ ਬਚਿਆ ਜਾ ਸਕੇ।
