ਅਗੇਤੀ ਆਮਦ ਨੂੰ ਦੇਖ ਦੇ ਹੋਏ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 27 ਸਤੰਬਰ ਤੋਂ ਸ਼ੁਰੂ ਕਰਨ ਦੇ ਹੁਕਮ: ਆਸ਼ੂ

0
30

ਚੰਡੀਗੜ, 26 ਸਤੰਬਰ(ਸਾਰਾ ਯਹਾ / ਮੁੱਖ ਸੰਪਾਦਕ) :ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਅਗੇਤੀ ਆਮਦ ਨੂੰ ਦੇਖ ਦੇ ਹੋਏ ਅੱਜ ਪੰਜਾਬ ਸਰਕਾਰ ਨੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਦੀ ਥਾਂ 27 ਸਤੰਬਰ 2020 ਤੋਂ  ਖਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ ਤਿਆਰ ਫ਼ਸਲ ਆਉਣ ਬਾਰੇ ਉਨਾਂ ਨੂੰ ਸੂਚਨਾਵਾਂ ਮਿਲ ਰਹੀਆਂ ਸਨ ਜਿਸ ’ਤੇ ਉਨਾਂ ਨੇ  1 ਅਕਤੂਬਰ 2020 ਨੂੰ ਸ਼ੁਰੂ ਕੀਤੀ ਜਾਣ ਵਾਲੀ ਖ਼ਰੀਦ ਪ੍ਰਕਿਰਿਆ ਨੂੰ  27 ਸਤੰਬਰ 2020 ਤੋਂ ਪੂਰੀ ਗਤੀ ਨਾਲ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਸ੍ਰੀ ਆਸ਼ੂ ਨੇ  ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ 19 ਦੇ ਫੈਲਾਅ ਨੂੰ ਰੋਕਣ ਅਤੇ ਕਿਸਾਨਾਂ, ਮਜ਼ਦੂਰਾਂ, ਪੱਲੇਦਾਰਾ,  ਆੜਤੀਆਂ, ਢੋਅ-ਢੁਆਈ ਵਿਚ ਸ਼ਾਮਿਲ ਲੋਕਾਂ ਅਤੇ ਖ਼ਰੀਦ ਕਾਰਜ ਵਿੱਚ ਲੱਗੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਬਚਾਅ ਲਈ ਸੂਬੇ ਭਰ ਵਿਚ 4035 ਥਾਵਾਂ ਨੂੰ ਖਰੀਦ ਕੇਂਦਰ ਵਜੋਂ ਨੋਟੀਫਾਈ ਕੀਤਾ ਗਿਆ ਹੈ। ਇਨਾਂ ਵਿਚੋਂ 1871 ਸਰਕਾਰੀ ਮੰਡੀਆਂ ਹਨ ਜਦ ਕਿ 2164 ਜਨਤਕ ਥਾਵਾਂ ਤੇ ਮਿੱਲਾਂ ਦੀਆਂ ਥਾਵਾਂ ਹਨ।
ਸ੍ਰੀ ਆਸ਼ੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਏ ਗ੍ਰੇਡ ਝੋਨੇ ਦੀ ਐਮ.ਐਸ.ਪੀ. 1888 ਰੁਪਏ ਐਲਾਨੀ ਗਈ ਹੈ।
ਉਨਾਂ ਕਿਹਾ ਕਿ ਕੋਵਿਡ 19 ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਵਿਚ ਕਣਕ ਦੀ ਖਰੀਦ ਦੌਰਾਨ ਕੀਤੇ ਗਏ ਜ਼ਿਆਦਾਤਰ ਪ੍ਰਬੰਧਾਂ ਨੂੰ ਹੂਬਹੂ ਲਾਗੂ ਕੀਤਾ ਗਿਆ ਹੈ ਤਾਂ ਜੋ ਸਮਾਜਿਕ ਵਿੱਥ ਸਬੰਧੀ ਜੋ ਆਦੇਸ਼ ਸੂਬੇ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ ਉਨਾਂ ਨੂੰ ਪੂਰੀ ਤਰਾਂ ਲਾਗੂ ਕੀਤਾ ਜਾ ਸਕੇ।
ਖੁਰਾਕ ਮੰਤਰੀ ਨੇ ਕਿਹਾ ਕਿ ਖ਼ਰੀਦ ਪ੍ਰਕਿਰਿਆ ਵਿਚ ਸ਼ਾਮਿਲ ਸਾਰੇ ਲੋਕਾਂ ਨੂੰ ਸੈਨੇਟਾਈਜੇਸ਼ਨ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਹੱਥਾਂ ਨੂੰ ਸੈਨੇਟਾਈਜ ਕਰਨ ਲਈ ਸਬਣ, ਪਾਣੀ ਅਤੇ 70 ਫੀਸਦੀ  ਅਲਕੋਹਲ ਵਾਲੇ ਹੈਂਡ ਸੈਨੇਟਾਈਜਰ ਦਾ ਵੀ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਇਹ ਖਰੀਦ ਪ੍ਰਕਿਰਿਆ 30 ਨਵੰਬਰ 2020 ਤੱਕ ਜਾਰੀ ਰਹੇਗੀ ਅਤੇ ਖਰੀਦ ਤੋਂ 48 ਘੰਟਿਆਂ ਵਿੱਚ ਜਿਣਸ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਇਸ ਵਾਰ ਵੀ ਰੱਬੀ ਸੀਜ਼ਨ ਵਾਂਗ ਪੰਜਾਬ ਮੰਡੀ ਬੋਰਡ ਵੱਲੋਂ ਆੜਤੀਆਂ ਰਾਹੀਂ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾਣਗੇ ਜਿਨਾਂ ਦਾ ਰੰਗ ਹਰੇਕ ਦਿਨ ਬਦਲਵਾਂ ਹੋਵੇਗਾ ।
ਉਨਾਂ ਕਿਹਾ ਕਿ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਪੀਣ ਵਾਲੇ ਪਾਣੀ, ਲਾਈਟ, ਛਾਂਦਾਰ ਬੈਠਣ ਵਾਲੀ ਜਗਾ ਅਤੇ ਸਾਫ਼ ਸੁਥਰੇ ਪਖਾਨਿਆਂ ਦਾ ਵੀ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ।  

NO COMMENTS