
ਮਾਨਸਾ, 31 ਜੁਲਾਈ: (ਸਾਰਾ ਯਹਾਂ/ਮੁੱਖ ਸੰਪਾਦਕ):
ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਪ੍ਰੀਖਿਆ ਵਿਚੋਂ ਪਾਸ ਹੋਏ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਲਈ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਵਿਸ਼ੇਸ਼ ਤੌਰ ’ਤੇ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿਖੇ ਪਹੁੰਚੇ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਕੂਲ ਦੀ ਇਹ ਵਿਲੱਖਣ ਪ੍ਰਾਪਤੀ ਹੈ ਜਿਸ ਦਾ ਸਿਹਰਾ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਜਾਂਦਾ ਹੈ। ਕੋਈ ਵੀ ਪ੍ਰੀਖਿਆ ਪਾਸ ਕਰਨ ਲਈ ਲੰਮੀ ਤਿਆਰੀ ਦੀ ਲੋੜ ਹੁੰਦੀ ਹੈ, ਜਿਸ ਦੇ ਲਈ ਵਿਦਿਆਰਥੀਆਂ ਦੀ ਸ਼ਲਾਘਾ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੂਲ ਦੀਆਂ ਪਹਿਲਾਂ ਵੀ ਵੱਡੀਆਂ ਪ੍ਰਾਪਤੀਆਂ ਰਹੀਆਂ ਹਨ, ਉਮੀਦ ਹੈ ਕਿ ਸਕੂਲ ਦੇ ਵਿਦਿਆਰਥੀਆਂ ਅਧਿਆਪਕਾਂ ਦੇ ਦਰਸਾਏ ਮਾਰਗ ’ਤੇ ਚਲਦਿਆਂ ਇਸੇ ਤਰ੍ਹਾਂ ਅੱਗੇ ਵਧਦੇ ਰਹਿਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਆਏ ਵਣ ਰੇਂਜ ਅਫ਼ਸਰ ਸ੍ਰ ਹਰਦਿਆਲ ਸਿੰਘ ਦਾ ਸਨਮਾਨ ਵੀ ਕੀਤਾ ਗਿਆ। ਪਿੰਡ ਦੇ ਪਤਵੰਤਿਆਂ ਨੇ ਪ੍ਰਿੰਸੀਪਲ ਬੁੱਧ ਰਾਮ ਜੀ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ।
ਸਕੂਲ ਮੁਖੀ ਮਨਦੀਪ ਕੁਮਾਰ ਨੇ ਦੱਸਿਆ ਕਿ 20 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ। ਹੁਣ ਇਹ ਵਿਦਿਆਰਥੀ ਮੈਡੀਕਲ ਜਾਂ ਨਾਨ ਮੈਡੀਕਲ ਦੀ ਪੜ੍ਹਾਈ ਕਰਨਗੇ। ਇਨ੍ਹਾਂ ਵਿਦਿਆਰਥੀਆਂ ਦੀ ਕਾਊਂਸਲਿੰਗ ਚੱਲ ਰਹੀ ਹੈ। ਪੰਜਾਬ ਦੇ ਕੁੱਲ 500 ਵਿਦਿਆਰਥੀ 7 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਲੈਣਗੇ।
