*ਅਨਾਜ ਮੰਡੀਆਂ ਵਿੱਚੋਂ 3 ਲੱਖ 87 ਹਜ਼ਾਰ 677 ਮੀਟਰਕ ਟਨ ਕਣਕ ਦੀ ਖਰੀਦ*

0
11

ਮਾਨਸਾ, 24 ਅਪ੍ਰੈਲ(ਸਾਰਾ ਯਹਾਂ/ਮੁੱਖ ਸੰਪਾਦਕ) : ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 4 ਲੱਖ 24 ਹਜ਼ਾਰ 213 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਉਥੇ ਹੀ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਦੁਆਰਾ 3 ਲੱਖ 87 ਹਜ਼ਾਰ 677 ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਖਰੀਦ ਵਿੱਚ ਪਨਗ੍ਰੇਨ ਸਭ ਤੋਂ ਮੋਹਰੀ ਚੱਲ ਰਹੀ ਹੈ ਜਿਸ ਦੁਆਰਾ ਬੀਤੀ ਸ਼ਾਮ ਤੱਕ 1 ਲੱਖ 38 ਹਜ਼ਾਰ 134 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦਕਿ ਮਾਰਕਫੈਡ ਵੱਲੋਂ 97 ਹਜ਼ਾਰ 950, ਪਨਸਪ ਵੱਲੋਂ 86 ਹਜ਼ਾਰ 700, ਵੇਅਰ ਹਾਊਸ ਵੱਲੋਂ 46 ਹਜ਼ਾਰ 250 ਅਤੇ ਐਫ.ਸੀ.ਆਈ ਦੁਆਰਾ 18 ਹਜ਼ਾਰ 643 ਮੀਟਰਕ ਟਨ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਕੋਲੋਂ ਖਰੀਦੀ ਕਣਕ ਦੀ ਅਦਾਇਗੀ ਕਰਨ ਵਿੱਚ ਵੀ ਪਨਗ੍ਰੇਨ ਮੋਹਰੀ ਬਣਿਆ ਹੋਇਆ ਹੈ ਅਤੇ ਹੁਣ ਤੱਕ ਕੁਲ ਬਣਦੀ ਰਾਸ਼ੀ 228 ਕਰੋੜ ਵਿੱਚੋਂ 224 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਸਰਕਾਰੀ ਖਰੀਦ ਏਜੰਸੀਆਂ ਦੁਆਰਾ ਖਰੀਦੀ ਗਈ ਕਣਕ ਵਿੱਚੋਂ 2 ਲੱਖ 47 ਹਜ਼ਾਰ 214 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਸੁਵਿਧਾ ਲਈ ਬਿਹਤਰ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਮਾਸਕਾਂ ਦੀ ਵੰਡ ਕਰਨ ਦੇ ਨਾਲ ਨਾਲ ਵਾਰ ਵਾਰ ਹੱਥ ਧੋਣ ਲਈ ਪੈਰਾਂ ਨਾਲ ਚੱਲਣ ਵਾਲੀਆਂ ਮਸ਼ੀਨਾਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨੂੰ ਅਮਲ ਵਿੱਚ ਲਿਆਉਣ ਲਈ ਵਿਉਂਤਬੱਧ ਉਪਰਾਲੇ ਕੀਤੇ ਗਏ ਹਨ ਕਿਉਂਕਿ ਮੰਡੀਆਂ ਵਿੱਚ ਸਮੁੱਚੇ ਸੀਜ਼ਨ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਤੇ ਟਰਾਂਸਪੋਰਟਰਾਂ ਦੀ ਆਮਦ ਹੁੰਦੀ ਹੈ ਅਤੇ ਅਜਿਹੇ ਵੇਲੇ ਕੋਵਿਡ ਤੋਂ ਬਚਾਅ ਲਈ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਲੋੜ ਹੁੰਦੀ ਹੈ ।
ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕੇਵਲ ਸੁੱਕੀ ਜਿਣਸ ਹੀ ਵੇਚਣ ਲਈ ਲਿਆਉਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਨਾਲੋ ਨਾਲ ਖਰੀਦ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਲਈ ਅਧਿਕਾਰੀ ਸਰਗਰਮ ਹਨ ਅਤੇ ਕਿਸਾਨਾਂ ਨੂੰ ਹਰੇਕ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਸਮੁੱਚੇ ਸੀਜ਼ਨ ਦੌਰਾਨ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆ ਸਕੇ।

NO COMMENTS