*ਅਮਨ ਅਰੋੜਾ ਨੇ ਆਜ਼ਾਦੀ ਦਿਹਾੜੇ ਦੀ ਪੂਰਬਲੀ ਸ਼ਾਮ ਮੌਕੇ ਸੈਂਕੜੇ ਲੋਕਾਂ ਨਾਲ ਗਾਇਆ ਰਾਸ਼ਟਰੀ ਗਾਨ*

0
10

ਚੰਡੀਗੜ੍ਹ, 14 ਅਗਸਤ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸ਼ਾਮ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਯਾਦਗਾਰ ਵਿਖੇ ਸੈਂਕੜੇ ਲੋਕਾਂ ਨਾਲ ਮਿਲ ਕੇ ਹੱਥਾਂ ਵਿੱਚ ਤਿਰੰਗਾ ਫੜ ਕੇ ਮਹਾਨ ਸ਼ਹੀਦ ਊਧਮ ਸਿੰਘ ਅਤੇ ਆਜ਼ਾਦੀ ਸੰਗਰਾਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਹੋਰ ਦੇਸ਼-ਭਗਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਪੂਰਬਲੀ ਸ਼ਾਮ ਮੌਕੇ ਲੋਕਾਂ ਨਾਲ ਮਿਲ ਕੇ ਰਾਸ਼ਟਰੀ ਗਾਨ ਵੀ ਗਾਇਆ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਰਾਸ਼ਟਰੀ ਝੰਡਾ ਲਹਿਰਾਉਂਦੇ ਹੋਏ ਰਾਸ਼ਟਰੀ ਗਾਨ ਗਾਉਣ ਦਾ ਸੱਦਾ ਦਿੱਤਾ ਸੀ।
ਇਸੇ ਦੌਰਾਨ ਸੂਬੇ ਦੇ ਲੋਕਾਂ ਅਤੇ ਪੱਤਰਕਾਰ ਭਾਈਚਾਰੇ ਨੂੰ ਨਿੱਘੀ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ‘ਤੇ ਭ੍ਰਿਸ਼ਟਾਚਾਰ ਦਾ ਖ਼ਾਤਮਾ ਕਰਕੇ ਅਤੇ ਸਦਭਾਵਨਾ ਤੇ ਭਾਈਚਾਰਕ ਸਾਂਝ ਦਾ ਮਾਹੌਲ ਸਿਰਜ ਕੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਖ਼ੁਦ ਨੂੰ ਸਮਰਪਿਤ ਕਰਨ ਦਾ ਅਹਿਦ ਲੈਣ ਦਾ ਸੱਦਾ ਦਿੱਤਾ। 


ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕਰਨ ਲਈ ਯਤਨ ਕਰਨੇ ਚਾਹੀਦੇ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।
ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਦਿਵਸ ਸੂਬੇ ਦੇ ਸਰਬਪੱਖੀ ਵਿਕਾਸ ਲਈ ਨਵੇਂ ਟੀਚੇ ਤੈਅ ਕਰਨ ਦਾ ਮੌਕਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।     ————

NO COMMENTS