ਚੰਡੀਗੜ੍ਹ, 23 ਜੂਨ:(ਸਾਰਾ ਯਹਾਂ/ਹਿਤੇਸ਼ ਸ਼ਰਮਾ)
ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵੱਖ – ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 3ਬੀ-2 ਮੋਹਾਲੀ ਵਿਖੇ ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1 ਕਰੋੜ 47 ਲੱਖ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰਜ਼ ਐਂਡ ਕੋਰਸਿਜ਼, ਰਾਜ ਦੀਆਂ ਮਿਆਰੀ ਸੰਸਥਾਵਾਂ ਵਿਚੋਂ ਇੱਕ ਹੈ, ਜਿਥੇ ਵੱਖ-ਵੱਖ ਮਿਆਰੀ ਕਿੱਤਾ ਮੁਖੀ ਸਿਖਲਾਈ ਅਤੇ ਕੋਰਸ ਪ੍ਰਦਾਨ ਕੀਤੇ ਜਾਂਦੇ ਹਨ। ਇਸ ਸੰਸਥਾ ਵਿਚ ਵਿਦਿਆਰਥੀਆਂ ਲਈ ਸਰਵੋਤਮ ਸਿੱਖਣ ਅਤੇ ਵਿਕਾਸ ਲਈ ਅਨੁਕੂਲ ਮਾਹੌਲ ਸਿਰਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਥੇ ਵਿਦਿਆਰਥੀਆਂ ਨੂੰ ਉਹਨਾਂ ਦੇ ਚੁਣੇ ਹੋਏ ਖੇਤਰਾਂ ਵਿੱਚ ਉੱਤਮ ਸਹੂਲਤਾਂ ਪ੍ਰਦਾਨ ਕੀਤੀਆ ਜਾਂਦੀਆਂ ਹਨ। ਜਿਸ ਨਾਲ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਮਾਰਤ ਵਿਚ ਕੁੱਝ ਮੁਰੰਮਤ ਦੀ ਲੋੜ ਸਾਹਮਣੇ ਆਈ ਸੀ ਜਿਸਨੂੰ ਤੁਰੰਤ ਵਿਚਾਰਦਿਆਂ ਇਹ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ/ਰੱਖ-ਰਖਾਅ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਫੰਡਾਂ ਦੀ ਕੁਸ਼ਲਤਾ ਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ।