
ਮਾਨਸਾ, 05 ਜੂਨ (ਸਾਰਾ ਯਹਾ / ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ/ਹੋਟਲ/ਰੈਸਟੋਰੈਂਟ/ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾਂ ਤੇ ਹੁੱਕਾ ਪੀਣ ਤੇ ਪਾਬੰਦੀ ਲਗਾਈ ਹੈ।
-ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾ ਦੀ ਖਰਦੀ, ਵੇਚ ਅਤੇ ਵਰਤੋਂ ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਜਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿਚ ਰੁਕਾਵਟ ਪੈਦਾ ਕਰਕੇ, ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। ਇਸ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਹ ਪਾਬੰਦੀ ਲਗਾਉਣੀ ਲਾਜ਼ਮੀ ਹੈ।
-ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ਤੇ ਮੁਕੰਮਲ ਪਾਬੰਦੀ
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ/ਪਿੰਡਾਂ ਵਿਚ ਗਾਇਕਾਂ/ਗੀਤਕਾਰਾਂ/ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ/ਸਟੇਜ਼ਾਂ ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ਤੇ ਮੁਕੰਮਲ ਪਾਬੰਦੀ ਲਗਾਈ ਹੈ।
