ਮਾਨਸਾ, 14 ਫਰਵਰੀ (ਸਾਰਾ ਯਹਾਂ/ ਜੋਨੀ ਜਿੰਦਲ ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਜ਼ਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਫਰਵਰੀ/ਮਾਰਚ-2023 ਦੀਆਂ ਸਾਲਾਨਾਂ ਪ੍ਰੀਖਿਆਵਾਂ ਲਈ ਪੰਜਾਬ ਸਕੂਲ ਸਿੱਖਆ ਬੋਰਡ, ਮੋਹਾਲੀ ਵੱਲੋਂ ਨਿਰਧਾਰਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ-2023 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 20 ਫਰਵਰੀ 2023 ਤੋਂ 20 ਅਪ੍ਰੈਲ 2023 ਤੱਕ ਸਵੇਰ ਅਤੇ ਸ਼ਾਮ ਦੇ ਸ਼ੈਸ਼ਨ ਵਿਚ ਬੋਰਡ ਵੱਲੋਂ ਜ਼ਿਲ੍ਹਾ ਮਾਨਸਾ ਵਿਚ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ। ਆਮ ਤੌਰ ’ਤੇ ਵੇਖਿਆ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰ ਇਕੱਠੇ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਂਦਰਾਂ ਵਿਚ ਪਹੁੰਚ ਕੇ ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਅਨੁਸਾਸ਼ਨਹੀਣਤਾ ਕਰਨ ਦੀ ਕੋਸ਼ਿਸ਼ ਕਰਦੇ ਹਨ।
ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ ਦੁਆਲੇ ਨਕਲ ਕਰਵਾਉਣ ਦੇ ਮੰਤਵ ਨਾਲ ਖੜ੍ਹੇ ਹੋਣ, ਨਾਅਰੇ ਲਗਾਉਣ ਅਤੇ ਕਾਨੂੰਨੀ ਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ’ਤੇ ਮਨਾਹੀ ਹੋਵੇਗੀ।