*ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਅਹਿਮ ਫਰਜ਼: ਲਾਲ ਚੰਦ ਕਟਾਰੂਚੱਕ*

0
17

ਚੰਡੀਗੜ੍ਹ, 13 ਜੂਨ:(ਸਾਰਾ ਯਹਾਂ/ਬਿਊਰੋ ਨਿਊਜ਼)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਵਾਸਤੇ ਵਾਤਾਵਰਨ ਦੀ ਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਜ਼ਮੀਨੀ ਪੱਧਰ ‘ਤੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੈਕਟਰ 68 ਸਥਿਤ ਵਣ ਭਵਨ ਵਿਖੇ ਮੀਟਿੰਗ ਦੌਰਾਨ ਕੀਤਾ।

ਸਵੱਛ ਅਤੇ ਹਰਿਆ-ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ‘ਵਣ ਮਿੱਤਰ’ ਸਕੀਮ ਨੂੰ ਹੋਰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਬੂਟਿਆਂ ਦੀ ਸੁਰੱਖਿਆ ਅਤੇ ਸੰਭਾਲ ਵੀ ਯਕੀਨੀ ਬਣਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਥੋਂ ਤੱਕ ਬੂਟੇ ਲਗਾਉਣ ਦਾ ਸਬੰਧ ਹੈ, ਇਸ ਨੂੰ ਤਰਜੀਹੀ ਤੌਰ ‘ਤੇ ਚਾਰਦੀਵਾਰੀ ਵਾਲੀਆਂ ਥਾਵਾਂ ਜਿਵੇਂ ਵਿਦਿਅਕ ਸੰਸਥਾਵਾਂ, ਪੇਂਡੂ ਡਿਸਪੈਂਸਰੀਆਂ, ਆਮ ਆਦਮੀ ਕਲੀਨਿਕਾਂ (ਏ.ਏ.ਸੀਜ਼) ਵਿੱਚ ਲਗਾਇਆ ਜਾਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪੌਦਿਆਂ ਨੂੰ ਕੋਈ ਨੁਕਸਾਨ ਨਾ ਹੋਵੇ। 

ਫਗਵਾੜਾ-ਚੰਡੀਗੜ੍ਹ ਸੜਕ ਦੀ ਸੁੰਦਰ ਦਿੱਖ ‘ਤੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਲੁਧਿਆਣਾ-ਚੰਡੀਗੜ੍ਹ ਸੜਕ ‘ਤੇ ਵੱਧ ਤੋਂ ਵੱਧ ਬੂਟੇ ਲਗਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਐਨ.ਓ.ਸੀ. ਪ੍ਰਦਾਨ ਕਰਨ ਦੀ ਵਿਧੀ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ‘ਨਾਨਕ ਬਗੀਚੀ’ ਅਤੇ ‘ਪਵਿੱਤਰ ਵਣ’ ਪਹਿਲਕਦਮੀਆਂ ਨੂੰ ਹੋਰ ਹੁਲਾਰਾ ਦੇਣ ‘ਤੇ ਜ਼ੋਰ ਦਿੱਤਾ।

ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਪੇਂਡੂ ਖੇਤਰਾਂ ਦੀਆਂ ਲਿੰਕ ਸੜਕਾਂ ‘ਤੇ ਬੂਟੇ ਲਗਾਉਣ ਸਬੰਧੀ ਵੀ ਵਿਚਾਰ ਕੀਤਾ ਜਾ ਰਿਹਾ ਹੈ। ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਸੂਬੇ ਦੀਆਂ ਸਾਰੀਆਂ ਨਰਸਰੀਆਂ ਵਿੱਚ ਪਖਾਨੇ ਮੁਹੱਈਆ ਕਰਵਾਉਣ ਦਾ ਕੰਮ ਇਸੇ ਸਾਲ ਮੁਕੰਮਲ ਕਰ ਲਿਆ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਵਧੀਕ ਪੀ.ਸੀ.ਸੀ.ਐਫ. ਸੌਰਵ ਗੁਪਤਾ ਵੀ ਸ਼ਾਮਿਲ ਹਨ।

LEAVE A REPLY

Please enter your comment!
Please enter your name here