ਚੰਡੀਗੜ੍ਹ 27,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਕੈਪਟਨ ਅਮਰਿੰਦਰ ਸਿੰਘ ਨੂੰ ਗੱਦੀਓਂ ਲਾਹ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾ ਪੰਜਾਬ ਕਾਂਗਰਸ ਨੇ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਕਿ ਹੁਣ ਆਮ ਆਦਮੀ ਦੀ ਸਰਕਾਰ ਆ ਗਈ ਹੈ ਜਿੱਥੇ ਸਭ ਦੀ ਸੁਣਵਾਈ ਹੋਏਗੀ। ਮੁੱਖ ਮੰਤਰੀ ਚੰਨੀ ਨੇ ਸ਼ੁਰੂ ਵਿੱਚ ਆਮ ਲੋਕਾਂ ਵਿੱਚ ਵਿਚਰ ਕੇ ਵਾਹ-ਵਾਹ ਵੀ ਖੱਟੀ ਪਰ ਹੁਣ ਹਕੀਕਤ ਕੁਝ ਕੌੜੀ ਹੁੰਦੀ ਜਾਪ ਰਹੀ ਹੈ। ਸੀਐਮ ਚੰਨੀ ਤੇ ਉਨ੍ਹਾਂ ਦੇ ਮੰਤਰੀਆਂ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ ਜਿਸ ਕਰਕੇ ਕਾਂਗਰਸੀ ਲੀਡਰਾਂ ਨੇ ਵੀ ਆਪਣੇ ਤੇਵਰ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ।
ਜਨਤਾ ਦੇ ਰੋਹ ਨੂੰ ਵੇਖ ਹੁਣ ਮੁੱਖ ਮੰਤਰੀ ਚੰਨੀ ਤੇ ਉਨ੍ਹਾਂ ਦੇ ਮੰਤਰੀਆਂ ਦੇ ਸੁਰ ਵੀ ਬਦਲੇ ਵਿਖਾਈ ਦੇ ਰਹੇ ਹਨ। ਸ਼ਨੀਵਾਰ ਨੂੰ ਬਰਨਾਲਾ ਹਲਕੇ ਵਿੱਚ ਪਹੁੰਚੇ ਮੁੱਖ ਮੰਤਰੀ ਚੰਨੀ ਨੇ ਧਮਕੀ ਦਿੰਦਿਆਂ ਟੈਂਕੀਆਂ ’ਤੇ ਚੜ੍ਹਨ ਵਾਲੇ ਬੇਰੁਜ਼ਗਾਰਾਂ ਨੂੰ ਕਿਹਾ ਕਿ ਪ੍ਰਦਰਸ਼ਨਕਾਰੀ ਉਨ੍ਹਾਂ ਨਾਲ ਗੱਲਬਾਤ ਕਰ ਸਕਦੇ ਹਨ ਪਰ ਟੈਂਕੀਆਂ ’ਤੇ ਚੜ੍ਹਨ ਵਾਲਿਆਂ ਤੇ ਧਰਨਾਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣਗੇ। ਇਸ ਮਗਰੋਂ ਸੋਸ਼ਲ ਮੀਡੀਆ ਉੱਪਰ ਸਵਾਲ ਉੱਠ ਰਹੇ ਹਨ ਕਿ ਕੀ ਹੁਣ ਮੁੱਖ ਮੰਤਰੀ ਚੰਨੀ ਵਿੱਚ ਵੀ ਕੈਪਟਨ ਦੀ ਰੂਹ ਆ ਗਈ ਹੈ?
ਇਸ ਤੋਂ ਪਹਿਲਾਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਉੱਪਰ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਮੁਜ਼ਾਹਰਾ ਕਰਨ ਵਾਲੇ ਮੁਲਾਜ਼ਮਾਂ ਨੂੰ ਸਸਪੈਂਡ ਕਰਨ ਦੀ ਧਮਕੀ ਦਿੱਤੀ ਸੀ। ਉਸ ਵਲੇ ਸੁਖਜਿੰਦਰ ਰੰਧਾਵਾ ਤੇ ਰਾਜਾ ਵੜਿੰਗ ਦੀ ਰੋਸ ਮੁਜ਼ਾਹਰਾ ਕਰ ਰਹੇ ਮੁਲਾਜ਼ਮਾਂ ਨਾਲ ਤੂੰ-ਤੂੰ, ਮੈਂ-ਮੈਂ ਵੀ ਹੋਈ ਸੀ। ਇਸ ਤੋਂ ਸਪਸ਼ਟ ਹੈ ਕਿ ਲੋਕਾਂ ਦਾ ਰੋਹ ਵੇਖ ਕਾਂਗਰਸ ਦੀ ‘ਨਵੀਂ ਸਰਕਾਰ’ ਵੀ ਆਪਣਾ ਅਸਲੀ ਰੰਗ ਵਿਖਾਉਣ ਲੱਗੀ ਹੈ।
ਦੱਸ ਦਈਏ ਕਿ ਸ਼ਨੀਵਾਰ ਵਾਲ ਨੂੰ ਰੁਜ਼ਗਾਰ ਪ੍ਰਾਪਤੀ ਤੇ ਪੱਕੇ ਰੁਜ਼ਗਾਰ ਦੀ ਮੰਗ ਸਬੰਧੀ 10 ਦਿਨਾਂ ਤੋਂ ਸਿਵਲ ਹਸਪਤਾਲ ਬਰਨਾਲਾ ਵਿੱਚ ਹੜਤਾਲ ਕਰ ਰਹੇ ਐਨਐਚਐਮ ਕਾਮਿਆਂ, 29 ਦਿਨਾਂ ਤੋਂ ਰੁਜ਼ਗਾਰ ਦੀ ਪ੍ਰਾਪਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ’ਚ ਟੈਂਕੀ ’ਤੇ ਚੜ੍ਹੇ ਬੀਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਤੇ ਸਿੱਖਿਆ ਬੋਰਡ ਦੇ ਦਫ਼ਤਰ ਅੱਗੇ ਲੰਮੇ ਸਮੇਂ ਤੋਂ ਪੱਕੇ ਮੋਰਚੇ ’ਤੇ ਬੈਠੇ ਕੱਚੇ ਅਧਿਆਪਕਾਂ ਨੇ ਮੁੱਖ ਮੰਤਰੀ ਨੂੰ ਬਰਨਾਲਾ ਫੇਰੀ ਮੌਕੇ ਮਿਲ ਕੇ ਆਪਣੀਆਂ ਮੰਗਾਂ ਦੱਸਣ ਦਾ ਯਤਨ ਕੀਤਾ ਪਰ ਪੁਲਿਸ ਮੁਲਾਜ਼ਮਾਂ ਨੇ ਬੇਰੁਜ਼ਗਾਰ ਤੇ ਕੱਚੇ ਮੁਲਾਜ਼ਮਾਂ ਨੂੰ ਰਾਹ ਵਿੱਚ ਰੋਕ ਦਿੱਤਾ ਤੇ ਖਿੱਚ-ਧੂਹ ਕੀਤੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ।