ਮਾਨਸਾ, 13 ਅਗਸਤ(ਸਾਰਾ ਯਹਾਂ/ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਵੱਲੋਂ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਖੇਡ ਸਟੇਡੀਅਮ ਵਿੱਚ 75ਵੇਂ ਆਜ਼ਾਦੀ ਦਿਵਸ ਸਮਾਰੋਹ ਦੇ ਸਬੰਧ ਵਿੱਚ ਹੋਈ ਫੁੱਲ ਡਰੈਸ ਅੰਤਿਮ ਰਿਹਰਸਲ ਦਾ ਜਾਇਜ਼ਾ ਲਿਆ ਗਿਆ। ਫੁੱਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਸਮੇਂ ਐਸ.ਐਸ.ਪੀ ਡਾ. ਨਰਿੰਦਰ ਭਾਰਗਵ ਵੀ ਉਨ੍ਹਾਂ ਦੇ ਨਾਲ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰ ਗੁਰਪ੍ਰੀਤ ਸਿੰਘ ਕਾਂਗੜ ਕੌਮੀ ਝੰਡਾ ਲਹਿਰਾਉਣ
ਦੀ ਰਸਮ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਇਸ ਸਾਲ ਜ਼ਿਲ੍ਹਾ ਪੱਧਰੀ 75ਵੇਂ ਸੁਤੰਤਰਤਾ ਦਿਵਸ ਸਮਾਰੋਹ ਸੰਖੇਪ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕੱਠ ਸੀਮਤ ਰਹੇਗਾ ਅਤੇ ਸਮਾਗਮ ਸਾਦਾ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਸੱਭਿਆਚਾਰਕ ਸਮਾਗਮ ਨਹੀਂ ਹੋਣਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਮਾਗਮ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਉਪਕਾਰ ਸਿੰਘ, ਏਡੀਸੀ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਉਪ ਮੰਡਲ ਮੈਜਿਸਟ੍ਰੇਟ ਸ਼ਿਖਾ ਭਗਤ, ਸਹਾਇਕ ਕਮਿਸ਼ਨਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।