ਮਾਨਸਾ, 23 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਮੱਛੀ ਪਾਲਣ ਵਿਭਾਗ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਸ੍ਰ ਅਮਨਦੀਪ ਸਿੰਘ ਵਾਸੀ ਪਿੰਡ ਭਾਈ ਦੇਸਾ ਦੇ ਅੰਤਰਜਾਤੀ ਫਾਰਮ ’ਤੇ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਿੱਧੂ ਨੇ ਲੋਕਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਅਪਨਾਉਣ ਦੀ ਸਲਾਹ ਦਿੱਤੀ ਅਤੇ ਆਤਮਾ ਸਕੀਮ ਦੇ ਪ੍ਰੋਜੈਕਟ ਡਾਇਰੈਕਟਰ ਡਾ. ਚਮਨਦੀਪ ਸਿੰਘ ਵੱਲੋਂ ਕਿਸਾਨਾਂ ਨੂੰ ਮੱਛੀ ਪਾਲਣ, ਸੂਰ ਪਾਲਣ ਅਤੇ ਮੁਰਗੀ ਪਾਲਣ ਦੇ ਸੰਯੁਕਤ ਮਾਡਲ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਦੌਰਾਨ ਸਹਾਇਕ ਡਾਇਰੈਕਟਰ ਮੱਛੀ ਪਾਲਣ, ਸ੍ਰੀ ਰਾਜੇਸ਼ਵਰ ਕੁਮਾਰ ਵੱਲੋਂ ਨੌਜਵਾਨ ਕਿਸਾਨ ਅਮਨਦੀਪ ਸਿੰਘ ਦੇ ਵੱਖਰੇ ਖੇਤੀ ਮਾਡਲ ਦੀ ਸ਼ਲਾਘਾ ਕੀਤੀ ਗਈ ਅਤੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ। ਸ੍ਰੀਮਤੀ ਸ਼ੀਨਮ ਜਿੰਦਲ ਸੀਨੀਅਰ ਮੱਛੀ ਪਾਲਣ ਅਫ਼ਸਰ ਅਤੇ ਸ੍ਰੀ ਪ੍ਰਭਦਿਆਲ ਸਿੰਘ, ਮੱਛੀ ਪਾਲਣ ਅਫਸਰ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਮੱਛੀ ਤਲਾਬ ਵਿੱਚ ਮੱਛੀ ਪੂੰਗ ਦੀ ਸਟਾਕਿੰਗ ਵੀ ਕਰਵਾਈ ਗਈ।