ਆਪੋ ਆਪਣੇ ਪਿੰਡਾਂ ’ਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਵਿਦਿਆਰਥੀ ਅਤੇ ਨੌਜਵਾਨ ਚਲਾਉਣਗੇ ‘ਚੇਤਨਾ ਮੁਹਿੰਮ’

0
25

ਮਾਨਸਾ, 8 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ) : ਕਿਸਾਨ ਵੀਰਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕਿਸਾਨਾਂ, ਜਿਮੀਂਦਾਰਾਂ, ਕੰਬਾਇਨ ਓਪਰੇਟਰਾਂ ਸਮੇਤ ਹੋਰ ਵਰਗਾਂ ਨਾਲ ਮੀਟਿੰਗਾਂ ਕਰਕੇ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਹੁਣ ਬੱਚਿਆਂ ਅਤੇ ਨੌਜਵਾਨਾਂ ਨੂੰ ਵੀ ਇਸ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਾ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਸਾਰਥਕ ਸੋਚ ਨੂੰ ਸਫ਼ਲਤਾ ਦਾ ਜਾਮਾ ਪਹਿਨਾਇਆ ਜਾਵੇਗਾ।  ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਅੱਜ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਇਹ ਸੁਝਾਅ ਪ੍ਰਾਪਤ ਹੋਏ ਹਨ ਕਿ ਵਿਦਿਆਰਥੀ ਵਰਗ ਦੀ ਇਸ ਮਹੱਤਵਪੂਰਨ ਵਿਸ਼ੇ ਵਿੱਚ ਸਰਗਰਮ ਭੂਮਿਕਾ ਨਾਲ ਕਿਸਾਨ ਭਾਈਚਾਰੇ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਵਿੱਚ ਮਦਦ ਮਿਲ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ 11ਵੀਂ ਤੇ 12ਵੀਂ ਜਮਾਤਾਂ ਦੇ ਪੇਂਡੂ ਖੇਤਰਾਂ ਵਾਲੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਉਨ੍ਹਾਂ ਰਾਹੀਂ ਕਿਸਾਨ ਵੀਰਾਂ ਤੱਕ ਪਹੁੰਚ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ ਤਾਂ ਜੋ ਬੱਚਿਆਂ ਦੀ ਪ੍ਰੇਰਨਾ ਨਾਲ ਕਿਸਾਨ ਪਰਾਲੀ ਸਾੜਨ ਜਿਹੇ ਕਾਰਜਾਂ ਤੋਂ ਦੂਰੀ ਬਣਾ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਪਿੰਡਾਂ ਵਿੱਚ ਰਹਿੰਦੇ ਹਨ ਉਹ ਆਪੋ ਆਪਣੇ ਪਿੰਡਾਂ ਵਿੱਚ ਰਹਿੰਦੇ ਹੋਏ ‘ਚੇਤਨਾ ਮੁਹਿੰਮ’ ਚਲਾਉਣਗੇ ਕਿਉਂ ਜੋ ਉਨ੍ਹਾਂ ਦੇ ਮਾਪੇ, ਰਿਸ਼ਤੇਦਾਰ ਅਤੇ ਗੁਆਂਢੀ ਵੀ ਖੇਤੀਬਾੜੀ ਦਾ ਕਿੱਤਾ ਕਰਦੇ ਹੋ ਸਕਦੇ ਹਨ, ਇਸ ਲਈ ਜੇ ਬੱਚੇ ਆਪਣੇ ਪਰਿਵਾਰਾਂ ਤੇ ਰਿਸ਼ਤੇਦਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਮਨਾ ਲੈਂਦੇ ਹਨ ਤਾਂ ਇਸ ਨਾਲ ਸਮੁੱਚੀ ਮਨੁੱਖਤਾ ਤੇ ਵਾਤਾਵਰਣ ਦਾ ਫਾÎਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਸਵੈ ਇੱਛਾ ਨਾਲ ਇਸ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣ ਸਕਦਾ ਹੈ ਕਿਉਂਕਿ ਚੌਗਿਰਦੇ ਦੀ ਸਾਂਭ ਸੰਭਾਲ ਸਾਡਾ ਸਾਰਿਆਂ ਦਾ ਫਰਜ਼ ਹੈ ਅਤੇ ਪਰਾਲੀ ਸਾੜਨ ਨਾਲ ਹੁੰਦੇ ਮਾਰੂ ਨੁਕਸਾਨਾਂ ਤੋਂ ਸਭ ਨੂੰ ਬਚਾਉਣਾ ਸਾਡੀ ਨੈਤਿਕ ਜਿੰਮੇਵਾਰੀ ਵੀ ਹੈ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੂਥ ਕਲੱਬਾਂ ਦੇ ਮੈਂਬਰ ਵੀ ਪਰਾਲੀ ਨਾ ਸਾੜਨ ਦੀ ਮੁਹਿੰਮ ਵਿੱਚ ਆਪਣਾ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਅਤੇ ਯੁਵਕ ਸੇਵਾਵਾਂ ਨਾਲ ਰਜਿਸਟਰਡ ਯੂਥ ਕਲੱਬ ਕੋਵਿਡ ਦੀਆਂ ਸਾਵਧਾਨੀਆਂ ਵਰਤਦੇ ਹੋਏ ਪਿੰਡਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਨਾਲ ਤਾਲਮੇਲ ਕਰਨ ਅਤੇ ਇੰਜ ਜਾਗਰੂਕਤਾ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦਿੰਦੇ ਹੋਏ ਝੋਨੇ ਦੀ ਰਹਿੰਦ ਖੂਹੰਦ ਸਾੜਨ ਨਾਲ ਧਰਤੀ ਦੀ ਉਪਜਾਊ ਸ਼ਕਤੀ, ਮਿੱਤਰ ਕੀੜਿਆਂ ਅਤੇ ਪਸ਼ੂ ਪੰਛੀਆਂ ਨੂੰ ਪੁੱਜਣ ਵਾਲੇ ਨੁਕਸਾਨਾਂ ਨੂੰ ਮੁਕੰਮਲ ਤੌਰ ’ਤੇ ਠੱਲ੍ਹਪਾਈ ਜਾਵੇ। 

LEAVE A REPLY

Please enter your comment!
Please enter your name here