
ਮਾਨਸਾ, 14 ਫਰਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ। ਇਸ ਨਾਲ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ ਉੱਥੇ ਹੀ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧ ਕੰਮ ਅਤੇ ਸੇਵਾਵਾਂ ਘਰਾਂ ਦੇ ਨੇੜੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਬ ਡਵੀਜ਼ਨ ਮਾਨਸਾ ’ਚ ਲੱਗੇ ਜਨ ਸੁਣਵਾਈ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾ ਸੁਖਾਲੇ ਢੰਗ ਨਾਲ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇੰਨ੍ਹਾਂ ਕੈਂਪਾਂ ਦੀ ਨਿਵੇਕਲੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਜਿੱਥੇ ਦੂਰ ਦੁਰਾਡੇ ਬੈਠੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ’ਚ ਜਾਣ ਦੀ ਜ਼ਰੂਰਤ ਨਹੀਂ ਪਵੇਗੀ ਉੱਥੇ ਹੀ ਉਨ੍ਹਾਂ ਦੀਆਂ ਵੱਖ ਵੱਖ ਮੁਸ਼ਕਿਲਾਂ ਦਾ ਇਕ ਥਾਂ ’ਤੇ ਹੀ ਨਿਪਟਾਰਾ ਸੰਭਵ ਹੋ ਸਕੇਗਾ।
ਉਨ੍ਹਾਂ ਕਿਹਾ ਕਿ ਜਨ ਸੁਣਵਾਈ ਕੈਂਪਾਂ ’ਚ ਹੈਲਪ ਡੈਸਕ ਦੇ ਨਾਲ ਨਾਲ ਵੱਖ ਵੱਖ ਵਿਭਾਗੀ ਅਧਿਕਾਰੀਆਂ ਵੱਲੋਂ ਸਬੰਧਤ ਵਿਭਾਗ ਦੀਆਂ ਸਕੀਮਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ, ਜਿੱਥੇ ਨਾਗਰਿਕ ਲੋੜੀਂਦੀ ਸੇਵਾ ਲੈਣ ਲਈ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਅੰਦਰ ਵੱਖ ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਤਾਂ ਜੋ ਸਰਕਾਰੀ ਸੇਵਾਵਾਂ ਦਾ ਲਾਭ ਹਰ ਆਮ ਤੇ ਲੋੜਵੰਦ ਨਾਗਰਿਕ ਤੱਕ ਪਹੁੰਚ ਸਕੇ।
