ਸੰਗਰੂਰ 22,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਵਿਖੇ ਰਿਹਾਇਸ਼ ਅੱਜ ਇਕ ਵਾਰ ਫਿਰ ਜੰਗ ਦਾ ਮੈਦਾਨ ਬਣ ਗਈ। ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸਮਰਥਨ ਨਾਲ ਪੱਕੇ ਧਰਨੇ ‘ਤੇ ਬੈਠੇ ਹਜ਼ਾਰਾਂ ਬੇਰੁਜ਼ਗਾਰ ਅਤੇ ਕੱਚੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਉਨ੍ਹਾਂ ਨੇ ਪੁਲਿਸ ਬੈਰੀਕੇਡਿੰਗ ਤੋੜਦਿਆਂ ਸਿੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਇੰਗਲਾ ਦੇ ਪੁਤਲੇ ਫੂਕੇ।
ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਬਰਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਮੀਤ ਹੇਅਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ, ਕੈਪਟਨ ਸਰਕਾਰ ਨੂੰ ਲੰਬੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਰਾਜ ਦੇ ਮੁੱਖ ਮੰਤਰੀ ਹਰ ਵੱਡੇ ਅਤੇ ਛੋਟੇ ਇਕੱਠ ਵਿੱਚ ਜਾਂਦੇ ਸਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਤੇ ਪੱਕਾ ਕਰਨ ਦੀ ਗੱਲ ਕਰਦੇ ਸੀ।
ਮੀਤ ਹੇਅਰ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਉਹ ਆਪਣੇ ਕਿਸੇ ਵਾਅਦੇ ‘ਤੇ ਖਰੇ ਨਹੀਂ ਉਤਰੇ। ਸ਼ਹੀਦਾਂ ਦੇ ਬੱਚੇ ਨੌਕਰੀਆਂ ਲਈ ਪੁਲਿਸ ਦੀਆਂ ਡਾਂਗਾਂ ਖਾ ਰਹੇ ਹਨ ਅਤੇ ਸਰਕਾਰੀ ਵਿਧਾਇਕਾਂ ਦੇ ਪੁੱਤਰਾਂ ਨੂੰ ਵੱਡੀਆਂ ਨੌਕਰੀਆਂ ਮਿਲ ਰਹੀਆਂ ਹਨ, ਇਹ ਸਰਕਾਰ ਲਈ ਬਹੁਤ ਸ਼ਰਮਨਾਕ ਹੈ।