‘ਆਪ’ ਵਿਧਾਇਕਾਂ ਨੇ ਪੀਐਮ ਨਿਵਾਸ ‘ਤੇ ਹੱਲਾ ਬੋਲਕੇ ਦਿੱਲੀ ਪੁਲਿਸ ਨੂੰ ਇੰਝ ਪਾਈਆਂ ਭਾਜੜਾਂ

0
61

ਨਵੀਂ ਦਿੱਲੀ/ਚੰਡੀਗੜ੍ਹ 27 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਕਾਰੀ ਨਿਵਾਸ ‘ਤੇ ਹੱਲਾ ਬੋਲਿਆ। ਇਸ ਦੌਰਾਨ ਉਨ੍ਹਾਂ ਨੇ ਮੋਦੀ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਦੇਸ਼ ਦੇ ਸਭ ਤੋਂ ਵੱਧ ਸੁਰੱਖਿਆ ਵਾਲੇ ਖੇਤਰ ‘ਚ ‘ਆਪ’ ਵਿਧਾਇਕਾਂ ਦੇ ਅਚਾਨਕ ਰੋਸ ਪ੍ਰਦਰਸ਼ਨ ਨੂੰ ਦੇਖ ਦਿੱਲੀ ਦੇ ਪੁਲਿਸ-ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ।

ਦੱਸ ਦਈਏ ਕਿ ਭਾਰੀ ਗਿਣਤੀ ‘ਚ ਤੈਨਾਤ ਦਿੱਲੀ ਪੁਲਿਸ ਨੂੰ ਹੱਥਾਂ ‘ਚ ਤਖਤੀਆਂ ਲੈ ਕੇ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ‘ਆਪ’ ਵਿਧਾਇਕਾਂ ਨੂੰ ਹਿਰਾਸਤ ‘ਚ ਲੈਣ ਲਈ ਕਾਫੀ ਜੱਦੋਜਹਿਦ ਕਰਨੀ ਪਈ। ਇਨ੍ਹਾਂ ਵਿਧਾਇਕਾਂ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਤਿਲਕ ਨਗਰ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ (ਸਾਰੇ ਵਿਧਾਇਕ) ਸ਼ਾਮਲ ਸੀ।

ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਜਰਨੈਲ ਸਿੰਘ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਵਿਰੁੱਧ ਮਹੀਨਿਆਂ ਤੋਂ ਸ਼ਾਂਤਮਈ ਅੰਦੋਲਨ ਕਰ ਰਹੇ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਅਣਦੇਖਿਆ ਅਤੇ ਅਣਸੁਣਿਆ ਕਰ ਰਹੀ ਕੇਂਦਰ ਦੀ ਗੁੰਗੀ-ਬਹਿਰੀ ਸਰਕਾਰ ਨੂੰ ਜਗਾਉਣ ਲਈ ਪ੍ਰਧਾਨ ਮੰਤਰੀ ਦੇ ਦਰ ‘ਤੇ ਪੁੱਜੇ ਅਤੇ ਕਿਸਾਨਾਂ ਦੀ ਆਵਾਜ਼ ਪ੍ਰਧਾਨ ਮੰਤਰੀ ਦੇ ਕੰਨਾਂ ਤੱਕ ਪਹੁੰਚਾਉਣ ਲਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਿਸ ਦੌਰਾਨ ਦਿੱਲੀ ਪੁਲਿਸ ਵੱਲੋਂ ਸਾਰੇ ‘ਆਪ’ ਵਿਧਾਇਕਾਂ ਨੂੰ ਹਿਰਾਸਤ ‘ਚ ਲੈ ਕੇ ਪਹਿਲਾਂ ਚਾਣਕਿਆ ਪੁਰੀ ਪੁਲਿਸ ਥਾਣੇ ਅਤੇ ਫਿਰ ਹਰੀ ਨਗਰ ਪੁਲਿਸ ਥਾਣੇ ‘ਚ ਰੱਖਿਆ ਗਿਆ। ਬਾਅਦ ‘ਚ ਬੁਰਾੜੀ ਗਰਾਊਂਡ ‘ਚ ਲੈ ਜਾ ਕੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇਸ਼ ਅਤੇ ਪੰਜਾਬ ਦੇ ਅੰਨਦਾਤਾ ਨਾਲ ਡਟ ਕੇ ਖੜੀ ਹੈ।

NO COMMENTS