
ਮਾਨਸਾ, 12 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ):ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਸਦਕਾ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ’ਤੇ ਹੀ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਅਤੇ ਸ਼ਹਿਰਾਂ ਦੇ ਵਾਰਡਾਂ ’ਚ ਵਿਸ਼ੇਸ ਕੈਂਪ ਲਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਘਰ ਬੈਠਿਆਂ ਹੀ ਆਪਣੇ ਕੰਮ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਸਬ ਡਵੀਜ਼ਨ ਬੁਢਲਾਡਾ ਵਿਖੇ ਲੱਗੇ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਜੋ ਨਾਗਰਿਕ ਕਿਸੇ ਮਜਬੂਰੀ ਵੱਸ ਆਪਣੇ ਜ਼ਰੂਰੀ ਕੰਮ ਕਰਾਉਣ ਲਈ ਦੂਰ ਦੁਰਾਡੇ ਦਫ਼ਤਰਾਂ ਵਿੱਚ ਨਹੀਂ ਜਾ ਸਕਦੇ, ਉਨ੍ਹਾਂ ਕੋਲ ਆ ਕੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਜਿੱਥੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਦੇ ਰਹੇ ਹਨ ਉੱਥੇ ਹੀ ਉਨ੍ਹਾਂ ਦੀਆਂ ਵੱਖ ਵੱਖ ਸ਼ਿਕਾਇਤਾਂ ਦਾ ਨਿਪਟਾਰਾ ਵੀ ਮੌਕੇ ’ਤੇ ਹੀ ਕੀਤਾ ਜਾ ਰਿਹਾ ਹੈ। ਪਿੰਡ ਗੰਢੂ ਖੁਰਦ ਵਿਖੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਜਲਦੀ ਹੀ ਇੰਨ੍ਹਾਂ ਪਿੰਡਾਂ ਦੀ ਸਹੂਲਤ ਲਈ ਆਮ ਆਦਮੀ ਕਲੀਨਿਕ ਖੋਲਿਆ ਜਾ ਰਿਹਾ ਹੈ, ਜਿਸ ਨਾਲ ਇਸ ਇਲਾਕੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ।ਇਸ ਮੌਕੇ ਆਮ ਆਦਮੀ ਪਾਰਟੀ ਦੇ ਰਣਜੀਤ ਸਿੰਘ ਫਰੀਦਕੇ ਚੇਅਰਮੈਨ ਮਾਰਕੀਟ ਕਮੇਟੀ ਬੋਹਾ, ਬਲਾਕ ਪ੍ਰਧਾਨ ਕੁਲਵੰਤ ਸਿੰਘ ਸ਼ੇਰਖਾਂ ਵਾਲਾ, ਨੰਬਰਦਾਰ ਰਘਵੀਰ ਸਿੰਘ ਤਾਲਬ ਵਾਲਾ, ਪਰਮਜੀਤ ਸਿੰਘ ਪੰਚ , ਸਿੰਦਰਪਾਲ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਸਤਿਗੁਰ ਸਿੰਘ ਸਰਪੰਚ ਗੰਢੂ ਖੁਰਦ, ਜਗਦੇਵ ਸਿੰਘ, ਨਿਰਮਲ ਸਿੰਘ ਸਰਪੰਚ ਗੰਢੂ ਕਲਾਂ, ਕੇਵਲ ਸਿੰਘ, ਗੁਰਪ੍ਰੀਤ ਸਿੰਘ ਅਤੇ ਪਿੰਡ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
