ਚੰਡੀਗੜ੍ਹ, 21 ਅਕਤੂਬਰ(ਸਾਰਾ ਯਹਾ / ਮੁੱਖ ਸੰਪਾਦਕ) : ਨਾਜਾਇਜ਼ ਸਰਾਬ ਦੇ ਕਾਰੋਬਾਰ ‘ਤੇ ਨਕੇਲ ਕਸਦਿਆਂ ਆਬਕਾਰੀ ਵਿਭਾਗ ਵਲੋਂ ਆਪ੍ਰੇਸ਼ਨ ਰੈਡ ਰੋਜ਼ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਪੁਲਿਸ ਵਿਭਾਗ ਅਤੇ ਆਬਕਾਰੀ ਅਧਿਕਾਰੀਆਂ ਦੀਆਂ ਟੀਮਾਂ ਨੇ ਆਬਕਾਰੀ ਨਾਲ ਸਬੰਧਤ ਅਜਿਹੇ ਸਾਰੇ ਜੁਰਮਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਆਪਸੀ ਸਹਿਯੋਗ ਨਾਲ ਕੰਮ ਕਰ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਚ ਨਾਜਾਇਜ਼ ਸ਼ਰਾਬ, ਸ਼ਰਾਬ ਦੀ ਤਸਕਰੀ, ਨਜਾਇਜ਼ ਸ਼ਰਾਬ ਦੇ ਵਪਾਰ ਨੂੰ ਰੋਕਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ।
ਬੁਲਾਰੇ ਨੇ ਦੱਸਿਆ ਕਿ ਫਿਰੋਜ਼ਪੁਰ ਜ਼ੋਨ ਵਿਚ ਹੋ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਦੀ ਰਣਨੀਤੀ ਦੇ ਹਿੱਸੇ ਵਜੋਂ 20 ਅਕਤੂਬਰ 2020 ਨੂੰ ਫਿਰੋਜ਼ਪੁਰ ਦੇ ਪਿੰਡ ਹਬੀਬ-ਕੇ ਨੇੜੇ ਸਤਲੁਜ ਨਦੀ ਦੇ ਇਲਾਕੇ ਵਿਚ ਛਾਪੇ ਮਾਰੇ ਗਏ। ਉਨ੍ਹਾਂ ਅੱਗੇ ਕਿਹਾ ਕਿ ਇਸ ਛਾਪੇਮਾਰੀ ਦੀ ਅਗਵਾਈ ਆਬਕਾਰੀ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਸਾਂਝੇ ਤੌਰ ‘ਤੇ ਕੀਤੀ ਗਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ 40,000 ਲੀਟਰ ਲਾਹਣ ਬਰਾਮਦ ਕੀਤੀ ਗਈ ਅਤੇ ਮੌਕੇ ‘ਤੇ ਨਸ਼ਟ ਕੀਤੀ ਗਈ। ਇਸ ਤੋਂ ਇਲਾਵਾ 17 ਤਰਪਾਲਾਂ, 5 ਲੋਹੇ ਦੇ ਢੋਲ, ਅਤੇ 3 ਅਲਮੀਨੀਅਮ ਦੇ ਬਰਤਨ ਵੀ ਜ਼ਬਤ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਥਾਣਾ ਸਦਰ, ਫਿਰੋਜ਼ਪੁਰ ਵਿੱਚ ਵੀ ਇਸ ਸਬੰਧੀ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਭਾਗ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਨਜਾਇਜ਼ ਸ਼ਰਾਬ ਤੇ ਲਗਾਮ ਲਗਾਉਣ ਦੀ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ ਅਤੇ ਇਸ ਨਜਾਇਜ਼ ਕਾਰੋਬਾਰ ਵਿਚ ਸ਼ਾਮਲ ਹਰੇਕ ਵਿਅਕਤੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
——