*ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ’ਚ ਲਾਹੇਵੰਦ ਸਾਬਿਤ ਹੋਣਗੇ-ਡਿਪਟੀ ਕਮਿਸ਼ਨਰ*

0
39

ਮਾਨਸਾ, 10 ਅਗਸਤ (ਸਾਰਾ ਯਹਾਂ/ ਮੁੱਖ ਸੰਪਾਦਕ ) : ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰਾਂ ਦੇ ਨੇੜੇ ਸੁਚੱਜੇ ਢੰਗ ਨਾਲ ਮੁੱਢਲਾ ਇਲਾਜ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਿਤ ਹੋਣਗੇ। ਸਿਹਤ ਸੇਵਾਵਾਂ ਦੇ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ ਉਲੀਕੇ ਫਲੈਗਸ਼ਿੱਪ ਪ੍ਰੋਗਰਾਮ ਦੀ ਸ਼ੁਰੂਆਤ 15 ਅਗਸਤ 2022 ਨੂੰ ਹੋਣ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਅੱਜ ਪਿੰਡ ਰੜ੍ਹ ਅਤੇ ਬੁਰਜ਼ ਹਰੀ ਵਿਖੇ ਤਿਆਰ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਨ ਵੇਲੇ ਕੀਤਾ।
ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਕਲੀਨਿਕਾਂ ’ਚ ਬੁਨਿਆਦੀ ਢਾਂਚੇ ਅਤੇ ਮੈਡੀਕਲ ਸੁਵਿਧਾਵਾਂ ਦੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਰਾਜ ਸਰਕਾਰ ਦੀ ਹਦਾਇਤਾਂ ਮੁਤਾਬਿਕ ਹਰੇਕ ਲੋੜੀਂਦੀਆਂ ਸੁਵਿਧਾਵਾਂ ਦਾ ਪਹਿਲਕਦਮੀ ਨਾਲ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਮਰੀਜਾਂ ਦਾ ਇਲਾਜ ਕਰਨ ਅਤੇ ਬਿਮਾਰੀਆਂ ਦੀ ਜਾਂਚ ਕਰਨ ਲਈ ਐਮ ਬੀ ਬੀ ਐਸ ਡਾਕਟਰ, ਫਾਰਮਾਸਿਸਟ ਸਮੇਤ ਸਟਾਫ ਮੈਂਬਰ ਤਾਇਨਾਤ ਹੋਣਗੇ। ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਲਗਭਗ 100 ਤਰ੍ਹਾਂ ਦੇ ਕਲੀਨੀਕਲ ਟੈਸਟਾਂ ਵਾਲੇ 41 ਪੈਕੇਜ ਮੁਫਤ ਦਿੱਤੇ ਜਾਣਗੇ। ਇਨ੍ਹਾਂ ਕਲੀਨਿਕਾਂ ਦੁਆਰਾ ਵੱਡੀ ਗਿਣਤੀ ਵਿਚ ਮਰੀਜਾਂ ਦਾ ਇਲਾਜ ਹੋਵੇਗਾ, ਜਿਸ ਨਾਲ ਸਰਕਾਰੀ ਹਸਪਤਾਲਾਂ ‘ਤੇ ਬੋਝ ਘਟੇਗਾ। ਇਨ੍ਹਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਬਾਅਦ ਵਿੱਚ ਫਾਲੋ-ਅੱਪ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ  ਇਹ ਕਲੀਨਿਕ ਬਿਮਾਰੀਆਂ ਦੀ ਜਾਂਚ ਅਤੇ ਕਲੀਨੀਕਲ ਟੈਸਟਾਂ ਸਮੇਤ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਪ੍ਰਦਾਨ ਕਰਕੇ ਮੁਢਲੇ ਸਿਹਤ ਸੰਭਾਲ ਸਿਸਟਮ ਨੂੰ ਮਜ਼ਬੂਤ ਕਰਨਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਸ੍ਰੀ ਟੀ.ਬੈਨਿਥ, ਡਾ. ਰਣਜੀਤ ਰਾਏ, ਐਸ.ਐਮ. ਓ ਹਰਦੀਪ ਸਰਮਾ, ਡੀ.ਪੀ.ਐਮ. ਅਵਤਾਰ ਸਿੰਘ, ਬਲਾਕ ਐਜੂਕੇਟਰ ਕੇਵਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

NO COMMENTS