ਚੰਡੀਗੜ੍ਹ 25,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਇਸ ਤੋਂ ਪਹਿਲਾਂ ਬਠਿੰਡਾ ਦੇਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਵਿੱਚ ਸ਼ਾਮਲ ਹੋ ਗਈ ਸੀ। ਇਹ ਵੀ ਚਰਚਾ ਹੈ ਕਿ ਖਰੜ ਤੋਂ ਵਿਧਾਇਕ ਕੰਵਰ ਸੰਧੂ ਵੀ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਨੇ ਲੰਘੇ ਦਿਨ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ ਕੀਤੀ ਸੀ। ਉਂਝ ਕੰਵਰ ਸੰਧੂ ਨੇ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ।
ਕੰਵਰ ਸੰਧੂ 2017 ‘ਚ ਖਰੜ ਵਿਧਾਨ ਸਭਾ ਸੀਟ ਤੋਂ ‘ਆਪ’ ਦੀ ਟਿਕਟ ‘ਤੇ ਵਿਧਾਇਕ ਚੁਣੇ ਗਏ ਸਨ। ਹਾਲਾਂਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ 2019 ‘ਚ ਸੁਖਪਾਲ ਖਹਿਰਾ ਨਾਲ ਚਲੇ ਗਏ। ਇਸ ਤੋਂ ਬਾਅਦ ਉਹ ਵਿਧਾਨ ਸਭਾ ‘ਚ ਵੀ ਵੱਖਰੇ ਤੌਰ ‘ਤੇ ਬੈਠੇ ਸਨ। ਚੋਣਾਂ ਨੇੜੇ ਆਉਣ ਨਾਲ ਉਨ੍ਹਾਂ ਦਾ ਝੁਕਾਅ ਹੁਣ ਕਾਂਗਰਸ ਵੱਲ ਹੋ ਗਿਆ ਜਾਪਦਾ ਹੈ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ 7 ਵਿਧਾਇਕ ਹੁਣ ਤਕ ਪਾਰਟੀ ਛੱਡ ਚੁੱਕੇ ਹਨ। ਸੁਖਪਾਲ ਖਹਿਰਾ, ਪਿਰਮਲ ਖਾਲਸਾ, ਜਗਦੇਵ ਕਮਾਲੂ, ਰੁਪਿੰਦਰ ਰੂਬੀ ਤੇ ਜਗਤਾਰ ਜੱਗਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਬਲਦੇਵ ਸਿੰਘ ਤੇ ਐਚਐਸ ਫੂਲਕਾ ਨੇ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਇਲਾਵਾ ਕੰਵਰ ਸੰਧੂ, ਨਾਜਰ ਸਿੰਘ ਨੂੰ ਪਾਰਟੀ ਤੋਂ ਪਾਸੇ ਕਰ ਦਿੱਤਾ ਗਿਆ। ਇਸ ਸਮੇਂ ‘ਆਪ’ ‘ਚ ਸਿਰਫ਼ 10 ਵਿਧਾਇਕ ਹੀ ਸਰਗਰਮ ਨਜ਼ਰ ਆ ਰਹੇ ਹਨ, ਜਿਨ੍ਹਾਂ ਦੀ ਟਿਕਟ ਬਾਰੇ ਪਾਰਟੀ ਨੇ ਹਾਲ ਹੀ ਐਲਾਨ ਕੀਤਾ ਸੀ।