
ਚੰਡੀਗੜ੍ਹ, 14 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੀਆਂ ਪੁਲਾਂਘਾਂ ਪੁੱਟਦੇ ਹੋਏ ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ।
ਅੰਮ੍ਰਿਤਸਰ ਵਿਖੇ 27 ਜਨਵਰੀ ਨੂੰ ਹੋਣ ਵਾਲੇ ਵੱਡੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 75ਵੇਂ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ 41 ਹੈਲਥ ਪੈਕੇਜ ਮੁਫਤ ਪ੍ਰਦਾਨ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਵਿੱਚ ਮੀਲ ਪੱਥਰ ਵਜੋਂ ਕੰਮ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਵੀ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ 400 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਪੰਜਾਬ ਸਿਹਤ ਸੰਭਾਲ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ ਜਿਸ ਨਾਲ ਅਜਿਹੇ 500 ਕਲੀਨਿਕ ਕਾਰਜਸ਼ੀਲ ਹੋ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਕ੍ਰਾਂਤੀਕਾਰੀ ਪਹਿਲਕਦਮੀ ਸੂਬੇ ਦੀ ਸਿਹਤ ਸੰਭਾਲ ਵਿਵਸਥਾ ਨੂੰ ਮੁੜ ਸੁਰਜੀਤ ਕਰੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਨ ਮੌਕੇ ਹੋਣ ਵਾਲੇ ਸਮਾਗਮ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਸੂਬਾ ਸਰਕਾਰ ਵੱਲੋਂ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਪੰਜਾਬ ਨੂੰ ਸਿਹਤਮੰਦ ਅਤੇ ਰੋਗ ਮੁਕਤ ਬਣਾਉਣ ਪ੍ਰਤੀ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦੇ ਵਸਨੀਕਾਂ ਨੂੰ ਹੁਣ ਇਲਾਜ ਤੇ ਜਾਂਚ ਸਹੂਲਤਾਂ ਲਈ ਹਸਪਤਾਲਾਂ ਵਿੱਚ ਵੱਡੇ ਖਰਚੇ ਨਹੀਂ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਮਰੀਜ਼ ਕਲੀਨਿਕਾਂ ਵਿੱਚ ਜਾ ਕੇ ਡਾਕਟਰੀ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ ਜਾਂ ਫਿਰ ਆਨਲਾਈਨ ਸਮਾਂ ਲੈਣ ਦੀ ਸਹੂਲਤ ਵੀ ਹਾਸਲ ਕਰ ਸਕਦੇ ਹਨ।
ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਸਿਹਤ ਅਜੋਏ ਸ਼ਰਮਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰਿ ਤੇ ਹੋਰ ਵੀ ਹਾਜ਼ਰ ਸਨ।
———
