ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਬਿਨੈਕਾਰਾਂ ਦੇ ਈ-ਕਾਰਡ ਬਣਾਉਣ ਦੀ ਮੁਹਿੰਮ ਤੇਜ਼ ਕਰਨ ਦੇ ਆਦੇਸ਼

0
81

ਮਾਨਸਾ, 23 ਦਸੰਬਰ  (ਸਾਰਾ ਯਹਾ / ਮੁੱਖ ਸੰਪਾਦਕ): ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੇ ਤਹਿਤ ਹੁਣ ਯੋਗ ਲਾਭਪਾਤਰੀਆਂ ਦੇ ਈ ਕਾਰਡ ਬਣਾਉਣ ਦੀ ਸੁਵਿਧਾ ਸ਼ੁਰੂ ਕਰਵਾ ਦਿੱਤੀ ਗਈ ਹੈ ਜਿਸ ਨੂੰ ਜ਼ਿਲ੍ਹਾ ਮਾਨਸਾ ਵਿਖੇ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਯੋਗ ਲਾਭਪਾਤਰੀਆਂ ਲਈ ਬੇਹੱਦ ਫਾਇਦੇਮੰਦ ਯੋਜਨਾ ਹੈ ਅਤੇ ਇਸ ਯੋਜਨਾ ਦੇ ਤਹਿਤ ਰਜਿਸਟਰਡ ਪਰਿਵਾਰਾਂ ਦਾ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਹੁੰਦਾ ਹੈ ਜੋ ਕਿ ਰਾਜ ਦੇ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਦੇ ਰੂਪ ਵਿੱਚ ਮੁਹੱਈਆ ਕਰਵਾਇਆ ਜਾਂਦਾ ਹੈ। ਸ਼੍ਰੀ ਮਹਿੰਦਰਪਾਲ ਨੇ ਨੋਡਲ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਉਪ ਮੰਡਲ ਮੈਜਿਸਟਰੇਟ ਨਾਲ ਲਗਾਤਾਰ ਰਾਬਤਾ ਰੱਖਣ ਤਾਂ ਜੋ ਸ਼ਹਿਰਾਂ ਤੇ ਪਿੰਡਾਂ ਵਿੱਚ ਇਸ ਈ ਕਾਰਡ ਏਜੰਸੀ ਰਾਹੀਂ ਲਾਭਪਾਤਰੀਆਂ ਤੱਕ ਇਸ ਯੋਜਨਾ ਬਾਰੇ ਜਾਗਰੂਕਤਾ ਫੈਲਾਈ ਜਾ ਸਕੇ ਅਤੇ ਵੱਧ ਤੋਂ ਵੱਧ ਲੋੜਵੰਦਾਂ ਦੇ ਈ ਕਾਰਡ ਬਣਵਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਯੋਜਨਾ ਤਹਿਤ 4.10 ਲੱਖ ਤੋਂ ਵੱਧ ਲੋੜਵੰਦਾਂ ਦੇ ਈ ਕਾਰਡ ਬਣਾਏ ਜਾਣੇ ਹਨ ਇਸ ਲਈ ਯੋਜਨਾਬੱਧ ਢੰਗ ਨਾਲ ਲੋੜਵੰਦਾਂ ਤੱਕ ਪਹੁੰਚ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਗੇਤੇ ਤੌਰ ’ਤੇ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਜੋ ਲੋਕ ਨਿਰਧਾਰਿਤ ਸਥਾਨਾਂ ’ਤੇ ਆਪਣੇ ਢੁਕਵੇਂ ਦਸਤਾਵੇਜ਼ਾਂ ਤੱਕ ਪਹੁੰਚ ਕਰ ਸਕਣ।  ਇਸ ਦੌਰਾਨ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 6 ਮਾਰਕਿਟ ਕਮੇਟੀਆਂ ਵਿੱਚ ਸਟੇਟ ਹੈਲਥ ਏਜੰਸੀ ਪੰਜਾਬ ਦੇ ਪ੍ਰਬੰਧਾਂ ਹੇਠ ਈ ਕਾਰਡ ਏਜੰਸੀ ਦੀਆਂ ਟੀਮਾਂ ਵੱਲੋਂ ਲਾਭਪਾਤਰੀਆਂ ਦੇ ਈ ਕਾਰਡ ਤਿਆਰ ਕਰਵਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱÎਸਿਆ ਕਿ ਕੋਈ ਵੀ ਯੋਗ ਬਿਨੇਕਾਰ ਆਪਣੇ ਦਸਤਾਵੇਜ਼ ਲਿਜਾ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ ਜਿਸ ਤਹਿਤ ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਛੋਟੇ ਵਪਾਰੀ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ ਜਾਂ ਪੈਨ ਕਾਰਡ, ਜੇ ਫਾਰਮ ਧਾਰਕ ਅਤੇ ਛੋਟੇ ਕਿਸਾਨ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਉਸਾਰੀ ਭਲਾਈ ਬੋਰਡ ਅਧੀਨ ਰਜਿਸਟਰਡ ਮਜ਼ਦੂਰ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਰਜਿਸਟਰੇਸ਼ਨ ਕਾਰਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਸਾਹਿਬਾਨ ਆਪਣੇ ਆਧਾਰ ਕਾਰਡ ਤੇ ਰਾਸ਼ਨ ਕਾਰਡ ਜਾਂ ਪੀਲਾ ਸ਼ਨਾਖਤੀ ਕਾਰਡ ਲੈ ਕੇ ਆਪਣੇ ਈ ਕਾਰਡ ਬਣਾਉਣ ਲਈ ਨੇੜਲੀ ਮਾਰਕਿਟ ਕਮੇਟੀ ਵਿੱਚ ਕਿਸੇ ਵੀ ਕੰਮਕਾਜ ਵਾਲੇ ਦਿਨ ਪਹੁੰਚ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਕੰਪਨੀ ਦੇ ਨੁਮਾਇੰਦੇ ਮਹਿਜ਼ 30 ਰੁਪਏ ਫੀਸ ਲੈ ਕੇ ਈ ਕਾਰਡ ਬਣਾਉਣ ਦੀ ਸੁਵਿਧਾ ਉਪਲੱਬਧ ਕਰਵਾ ਰਹੇ ਹਨ।  ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਏ.ਡੀ.ਸੀ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਬੁਢਲਾਡਾ ਸਾਗਰ ਸੇਤੀਆ, ਡੀ.ਐਫ.ਐਸ.ਸੀ, ਸਿਵਲ ਸਰਜਨ, ਡਿਪਟੀ ਮੈਡੀਕਲ ਕਮਿਸ਼ਨਰ ਅਤੇ ਏਜੰਸੀ ਦੇ ਨੁਮਾਇੰਦੇ ਹਾਜ਼ਰ ਸਨ। 

NO COMMENTS