ਮਾਨਸਾ, 20 ਅਕਤੂਬਰ:(ਸਾਰਾ ਯਹਾਂ/ਬੀਰਬਲ ਧਾਲੀਵਾਲ):ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 30 ਨਵੰਬਰ 2023 ਤੱਕ ਕਾਰਡ ਬਣਵਾਉਣ ਵਾਲੇ ਵਿਅਕਤੀਆਂ ਵਿੱਚੋਂ 10 ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ, ਜਿਨ੍ਹਾਂ ਵਿੱਚ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾਂ ਇਨਾਮ 8 ਹਜ਼ਾਰ ਰੁਪਏ ਅਤੇ 6ਵੇਂ ਤੋਂ ਦਸਵਾਂ ਇਨਾਮ ਜਿੱਤਣ ਵਾਲੇ ਨੂੰ 5 ਹਜ਼ਾਰ ਰੁਪਏ ਪ੍ਰਤੀ ਵਿਅਕਤੀ ਰੱਖਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰਾਅ 4 ਦਸੰਬਰ 2023 ਨੂੰ ਕੱਢਿਆ ਜਾਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕਾਰਡ ਬਣਵਾਉਣ ਦੇ ਯੋਗ ਵਿਅਕਤੀ ਆਪਣਾ ਸਿਹਤ ਕਾਰਡ ਜਰੂਰ ਬਣਵਾਉਣ। ਇਸ ਸਕੀਮ ਤਹਿਤ ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤੁਸੀਂ ਆਪਣਾ ਆਯੂਸ਼ਮਾਨ ਕਾਰਡ ਖੁਦ ਘਰ ਬੈਠੇ ਹੀ ‘ਆਯੂਸ਼ਮਾਨ ਐਪ’ ਨਾਲ ਵੀ ਬਣਾ ਸਕਦੇ ਹੋ ਜਾਂ ਕਾਰਡ ਬਣਵਾਉਣ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ, ਆਸ਼ਾ ਵਰਕਰ, ਸੇਵਾ ਕੇਂਦਰ ਜਾਂ ਸੂਚੀਬੱਧ ਹਸਪਤਾਲ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।