*‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪੂਰਾ ਕਰਨ ਲਈ ਸਾਰੇ ਵੋਟਰ ਆਪਣੀ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ-ਜ਼ਿਲ੍ਹਾ ਚੋਣ ਅਫ਼ਸਰ*

0
10
oppo_34

ਮਾਨਸਾ, 23 ਅਪ੍ਰੈਲ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਚੋਣ ਕਮਿਸ਼ਨ ਦੇ ਨਾਅਰੇ ‘ਇਸ ਵਾਰ 70 ਪਾਰ’ ਨੂੰ ਪੂਰਾ ਕਰਨ ਲਈ ਸਮੂਹ ਜ਼ਿਲ੍ਹਾ ਵਾਸੀ ਲੋਕ ਸਭਾ ਚੋਣਾਂ ਦੌਰਾਨ ਆਪਣੀ ਵੋਟ ਦੇ ਅਧਿਕਾਰ ਦਾ ਲਾਜ਼ਮੀ ਇਸਤੇਮਾਲ ਕਰਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਚੋਣਾਂ ਵਿਚ ਆਪਣੇ ਮਤਦਾਨ ਦੀ ਵਰਤੋਂ ਕਰਕੇ ਲੋਕਤੰਤਰ ਵਿਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵੋਟ ਦੇ ਅਧਿਕਾਰ ਦੀ ਵੱਡੀ ਮਹੱਤਤਾ ਹੈ। ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬਿਨ੍ਹਾਂ ਕਿਸੇ ਡਰ, ਭੈਅ ਤੋਂ ਨਿਰਪੱਖ ਹੋ ਕੇ ਕਰਨ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਫਰਜ਼ ਹੈ ਕਿ ਉਹ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਵੋਟ ਦੀ ਅਹਿਮੀਅਤ ਪ੍ਰਤੀ ਜਾਗਰੂਕ ਕਰੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਵੋਟਿੰਗ ਦਰ ਵਧਾਉਣ ਲਈ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜ਼ੋਰਾਂ ’ਤੇ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਚੋਣ ਕਮਿਸ਼ਨ ਵੱਲੋਂ ਇੰਨ੍ਹਾਂ ਚੋਣਾਂ ਲਈ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਸਫਲਤਾਪੂਰਵਕ ਹਾਸਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੀਪ ਟੀਮਾਂ ਬਣਾ ਕੇ ਲੋਕਾਂ ਨੂੰ ਨਿਰੰਤਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਵੀਪ ਟੀਮਾਂ ਵੱਲੋਂ ਬੂਥ ਪੱਧਰ ’ਤੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਅਤੇ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 100 ਫੀਸਦੀ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 06 ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਮਿਤੀ ਤੱਕ ਭਰ ਕੇ ਦਿੱਤੇ ਜਾ ਸਕਦੇ ਹਨ ਤਾਂ ਜੋ ਨੌਜਵਾਨ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਚੋਣ ਕਮਿਸ਼ਨ ਦੀ ਵੈਬਸਾਇਟ ਐਨ.ਵੀ.ਐਸ.ਪੀ., ‘ਵੋਟਰ ਹੈਲਪ ਲਾਇਨ’ ਮੋਬਾਇਲ ਐਪ ਅਤੇ ਹੈਲਪਲਾਈਨ ਨੰਬਰ 1950 ਰਾਹੀਂ ਆਨਲਾਇਨ ਹਾਸਲ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪਸ ਬਣਾਈਆਂ ਗਈਆਂ ਹਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਬਣਾਈ ਗਈ ਸੀ.ਵਿਜ਼ਲ ਐਪ ਰਾਹੀਂ ਵੋਟਰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਪਾ ਸਕਦੇ ਹਨ ਅਤੇ ਉਨ੍ਹਾਂ ਦੀ ਸ਼ਿਕਾਇਤ ਦਾ ਤੈਅ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਐਪ ’ਤੇ ਪਹਿਲਾਂ ਤੋਂ ਹੀ ਬਣਾਈ ਗਈ ਵੀਡੀਓ ਜਾਂ ਆਡੀਓ ਕਲਿੱਪ ਨਹੀਂ ਪਾਈ ਜਾ ਸਕਦੀ। ਉਨ੍ਹਾਂ ਹੋਰ ਦੱਸਿਆ ਕਿ ਵੋਟਰਾਂ ਵੱਲੋਂ ਪਾਈਆਂ ਸ਼ਿਕਾਇਤਾਂ ਨੂੰ ਤੁਰੰਤ ਸਬੰਧਤ ਰਿਟਰਨਿੰਗ ਅਫ਼ਸਰਾਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੋਬਾਇਲ ਐਪ ‘ਵੋਟਰ ਹੈਲਪਲਾਈਨ’ ਰਾਹੀਂ ਵੋਟਰ ਜਿੱਥੇ ਆਪਣੀ ਵੋਟ ਬਣਾਉਣ ਅਤੇ ਉਸ ਨਾਲ ਸਬੰਧਤ ਹੋਰ ਸੇਵਾਵਾਂ ਹਾਸਲ ਕਰ ਸਕਦੇ ਹਨ ਉਥੇ ਹੀ ਇਸ ਐਪ ਰਾਹੀਂ ਚੋਣਾਂ ਦੇ ਨਤੀਜਿਆਂ, ਪੋਲਿੰਗ ਬੂਥ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਜਾਗਰੂਕਤਾ ਲਈ ਬਣਾਈ ਗਈ ਇਹ ਇੱਕ ਮਹੱਤਵਪੂਰਨ ਐਪ ਹੈ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ ਤਾਂ ਜੋ ਸਾਡੇ ਲੋਕਤੰਤਰ ਨੂੰ ਹੋਰ ਮਜਬੂਤੀ ਹਾਸਲ ਹੋ ਸਕੇ।

LEAVE A REPLY

Please enter your comment!
Please enter your name here