*ਇਹ ਦੇਖ ਕੇ ਹੈਰਾਨੀ ਹੋਈ ਕਿ ਸ੍ਰੀਮਤੀ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ‘ਤੇ ਕਾਂਗਰਸ ਛੱਡਣ ਵਾਲਾ ਵਿਅਕਤੀ ਮੇਰੇ ਤੋਂ ਸਵਾਲ ਕਰ ਰਿਹਾ ਹੈ: ਐਮ.ਪੀ. ਪਟਿਆਲਾ*

0
81

ਦਿੱਲੀ, 6 ਫਰਵਰੀ  (ਸਾਰਾ ਯਹਾਂ/  ਮੁੱਖ ਸੰਪਾਦਕ): ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਅੱਜ ਕਥਿੱਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਲਈ ਕਾਂਗਰਸ ਪਾਰਟੀ ‘ਤੇ ਪਲਟਵਾਰ ਕੀਤਾ ਹੈ।

ਕਾਂਗਰਸ ਦੇ ਅਨੁਸ਼ਾਸਨੀ ਐਕਸ਼ਨ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਨੂੰ ਲਿਖੇ ਆਪਣੇ ਪੱਤਰ ਵਿੱਚ, ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਇੱਕ ਵਿਅਕਤੀ ਜਿਸਨੇ ਸ੍ਰੀਮਤੀ ਗਾਂਧੀ ਦੇ ਵਿਦੇਸ਼ੀ ਨਾਗਰਿਕ ਹੋਣ ਦੇ ਮੁੱਦੇ ‘ਤੇ 1999 ਵਿੱਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ, ਅਤੇ 20 ਸਾਲ 2019 ਤੱਕ ਪਾਰਟੀ ਤੋਂ ਬਾਹਰ ਰਿਹਾ ਸੀ, ਅਤੇ ਜਿਸਨੂੰ ਖੁਦ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ, ਹੁਣ ਇੱਕ ਅਖੌਤੀ ਅਨੁਸ਼ਾਸਨੀ ਮਾਮਲੇ ‘ਤੇ ਮੇਰੇ ‘ਤੇ ਸਵਾਲ ਕਰ ਰਿਹਾ ਹੈ।”

ਪੰਜਾਬ ਆਗੂਆਂ ਬਾਰੇ ਗੱਲ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, “ਪੰਜਾਬ ਦੇ ਜਿਹੜੇ ਕਾਂਗਰਸੀਆਂ ਨੇ ਮੇਰੇ ‘ਤੇ ਇਲਜ਼ਾਮ ਲਾਏ ਹਨ, ਉਹ ਉਹ ਲੋਕ ਹਨ, ਜਿਨ੍ਹਾਂ ਦੇ ਖਿਲਾਫ ਬਹੁਤ ਸਾਰੇ ਮਾਮਲੇ ਪੈਂਡਿੰਗ ਪਏ ਹਨ। ਜੇਕਰ ਤੁਸੀਂ ਮੇਰੇ ਪਤੀ ਨੂੰ ਫ਼ੋਨ ਕਰੋ ਜੋ ਉਸ ਸਮੇਂ ਮੁੱਖ ਮੰਤਰੀ ਸਨ, ਤਾਂ ਉਹ ਤੁਹਾਨੂੰ ਉਨ੍ਹਾਂ ਦੇ ਕੰਮਾਂ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਦੀ ਰੱਖਿਆ ਇਸ ਲਈ ਕੀਤੀ ਸੀ ਕਿਉਂਕਿ ਇਹ ਆਪਣੀ ਪਾਰਟੀ ਦੇ ਸਨ। ਹਾਲਾਂਕਿ ਮੈਨੂੰ ਲੱਗਦਾ ਹੈ ਕਿ ਤੁਸੀਂ ਅਜਿਹਾ ਨਹੀਂ ਕਰੋਗੇ।”

ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਣਗੇ, “ਮੈਂ ਹਮੇਸ਼ਾ ਆਪਣੇ ਹਲਕੇ, ਹਲਕਾ ਵਾਸੀਆਂ ਅਤੇ ਆਪਣੇ ਰਾਜ ਪੰਜਾਬ ਦੇ ਨਾਲ ਖੜੀ ਹਾਂ ਅਤੇ ਉਨ੍ਹਾਂ ਦੇ ਮੁੱਦੇ ਉਠਾਏ ਹਨ, ਚਾਹੇ ਕੋਈ ਵੀ ਸਰਕਾਰ ਸੱਤਾ ਵਿੱਚ ਹੋਵੇ। ਮੈਂ ਉਮੀਦ ਕਰਦੀ ਹਾਂ ਕਿ ਤੁਸੀਂ ਜਾਣਦੇ ਹੋਵੋਗੇ ਕਿ ਕਿਸੇ ਵੀ ਰਾਜ ਵਿੱਚ ਕਾਂਗਰਸ ਸਰਕਾਰ ਦੇ ਹਰ ਮੰਤਰੀ ਨੂੰ ਆਪਣੇ ਵਿਭਾਗ ਦੇ ਕੇਂਦਰੀ ਸਰਕਾਰ ਦੇ ਮੰਤਰੀ ਨੂੰ ਮਿਲਣਾ ਹੁੰਦਾ ਹੈ, ਜੋਕਿ ਇਸ ਮਾਮਲੇ ਵਿੱਚ ਭਾਜਪਾ ਸਰਕਾਰ ਹੈ, ਆਪਣੇ ਰਾਜ ਦੇ ਮਸਲੇ ਹੱਲ ਕਰਵਾਉਣ ਲਈ। ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ ਵਿੱਚ ਅਜਿਹਾ ਕੀਤਾ ਗਿਆ ਸੀ ਅਤੇ ਅੱਜ ਮੈਨੂੰ ਯਕੀਨ ਹੈ ਕਿ ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਵੀ ਕਾਂਗਰਸ ਸਰਕਾਰ ਵੱਲੋਂ ਅਜਿਹਾ ਹੀ ਕੀਤਾ ਜਾ ਰਿਹਾ ਹੈ। ਮੈਂ ਵੀ ਅਜਿਹੇ ਮੁੱਦਿਆਂ ਨੂੰ ਹੱਲ ਕਰਨ ਲਈ ਹਮੇਸ਼ਾ ਰਾਜ ਅਤੇ ਕੇਂਦਰ ਸਰਕਾਰ ਨੂੰ ਮਿਲਦੀ ਰਹਾਂਗੀ, ਚਾਹੇ ਤੁਸੀਂ ਪਸੰਦ ਕਰੋ ਜਾਂ ਨਾ।”

ਪ੍ਰਨੀਤ ਕੌਰ ਨੇ ਪੱਤਰ ਦੀ ਸਮਾਪਤੀ ਇਹ ਕਹਿ ਕੇ ਕੀਤੀ, “ਗੱਲ ਰਹੀ ਮੇਰੇ ਵਿਰੁੱਧ ਕਾਰਵਾਈ ਦੀ ਤਾਂ ਤੁਸੀਂ ਜੋ ਚਾਹੋ ਕਾਰਵਾਈ ਕਰਨਾ ਚਾਹੁੰਦੇ ਹੋ ਉਹ ਕਰ ਸਕਦੇ ਹੋ।”

NO COMMENTS