*ਇੱਕ ਵਾਰ ਫਿਰ ਤੋਂ ਸੰਸਦ ‘ਚ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਚੁੱਕਣਗੇ ਮਾਨ, ਸਾਂਸਦਾਂ ਨੂੰ ਲਿੱਖੀ ਚਿੱਠੀ ਕਿਹਾ…*

0
17

ਚੰਡੀਗੜ੍ਹ 16,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ‘ਆਪ’ ਪੰਜਾਬ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ ਕਰ ਰਹੇ ਕਿਸਾਨਾਂ ਵੱਲੋਂ ਸੰਸਦ ਮੈਂਬਰਾਂ ਨੂੰ ਜਾਰੀ ਕੀਤੀ ‘ਪੀਪਲਜ ਵ੍ਹਿੱਪ’ ਦਾ ਸਮਰਥਨ ਕੀਤਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਸਦ ਮੈਂਬਰਾਂ ਨੂੰ ਇੱਕ ਚਿੱਠੀ ਲਿਖ ਕੇ ਕਿਸਾਨਾਂ ਦੀ ਆਵਾਜ਼ ਬਣਨ ਦੀ ਅਪੀਲ ਕੀਤੀ ਹੈ। ਚਿੱਠੀ ਦੇ ਰਾਹੀਂ ਭਗਵੰਤ ਮਾਨ ਨੇ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨ ਪਿਛਲੇ ਇੱਕ ਸਾਲ ਤੋਂ ਕੇਂਦਰ ਵੱਲੋਂ ਥੋਪੇ ਗਏ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਹਨ, ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕੀ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਰਕਾਰ ਨੇ ਕੋਈ ਵੀ ਗੰਭੀਰਤਾ ਨਹੀਂਂ ਦਿਖਾਈ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਸ ਸੰਘਰਸ਼ ਦੇ ਦੌਰਾਨ ਕਿਸਾਨ ਆਪਣੇ ਕਰੀਬ 200 ਤੋਂ ਜ਼ਿਆਦਾ ਸਾਥੀਆਂ ਨੂੰ ਗੁਆ ਚੁੱਕੇ ਹਨ। ਹੁਣ ਸਮਾਂ ਹੈ ਕਿ ਕੇਂਦਰ ਸਰਕਾਰ ਇਸ ਸਬੰਧੀ ਠੋਸ ਫੈਸਲਾ ਲੈਂਦੇ ਹੋਏ ਕਿਸਾਨਾਂ ਦੀ ਮੰਗ ਮੁਤਾਬਕ ਇਹ ਕਾਨੂੰਨ ਵਾਪਸ ਲਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਤੋਂ ਸੰਸਦ ਮੈਂਬਰ ਹੋਣ ਦੇ ਨਾਲ-ਨਾਲ ਕਿਸਾਨ ਦਾ ਪੁੱਤਰ ਹੋਣ ਦੇ ਨਾਤੇ ਸਾਂਸਦਾਂ ਨੂੰ ਅਪੀਲ ਕਰਦੇ ਹਨ ਕਿ ਕਿਸਾਨਾਂ ਦੇ ਮਸਲੇ ‘ਤੇ ਸਾਰੇ ਮੈਂਬਰ ਇਕਜੁੱਟ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਹੱਲਾ ਬੋਲਣ ਤਾਂ ਜੋ ਸਰਕਾਰ ਇਸ ਸਬੰਧੀ ਕੋਈ ਠੋਸ ਫੈਸਲਾ ਲਵੇ।

ਮਾਨ ਨੇ ਕਿਹਾ ਕਿ ਸੰਸਦ ਦਾ ਮੌਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਸ ਦੌਰਾਨ ਉਹ ਆਪਣੇ ਤੌਰ ‘ਤੇ ਵੀ ਕਿਸਾਨੀ ਕਾਨੂੰਨਾਂ ਸਬੰਧੀ ਕਈ ਸਵਾਲ ਸਪੀਕਰ ਦੀ ਇਜਾਜ਼ਤ ਨਾਲ ਲੋਕ ਸਭਾ ਵਿੱਚ ਰੱਖਣਗੇ। ਉਨ੍ਹਾਂ ਸੰਸਦ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਕਿਸਾਨਾਂ ਦੇ ਹੁੱਕਮ ਮੰਨਦਿਆਂ ਸੈਸ਼ਨ ਦੌਰਾਨ ਬਾਈਕਾਟ ਜਾਂ ਵਾਕਆਊਟ ਤੋਂ ਗੁਰੇਜ਼ ਕੀਤਾ ਜਾਵੇ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਸੰਸਦ ਦੇ ਅੰਦਰ ਰਹਿ ਕੇ ਹੀ ਆਪਣੀ ਆਵਾਜ ਬੁਲੰਦ ਕੀਤੀ ਜਾਵੇ ਕਿਉਂਕਿ ਕਿਸਾਨ ਸਾਡੇ ਦੇਸ਼ ਦੇ ਅੰਨਦਾਤਾ ਅਤੇ ਰੀੜ੍ਹ ਦੀ ਹੱਡੀ ਹਨ। ਇਸ ਲਈ ਕਿਸਾਨਾਂ ਦੀ ਆਵਾਜ਼ ਨੂੰ ਹਾਕਮਾਂ ਤਕ ਪਹੁੰਚਾਉਣਾ ਸਮੂਹ ਸੰਸਦ ਮੈਂਬਰਾਂ ਦੀ ਜਿੰਮੇਵਾਰੀ ਅਤੇ ਧਰਮ ਹੈ।

ਉਨ੍ਹਾਂ ਅੱਗੇ ਕਿਹਾ ਲੋਕਾਂ ਦੀ ਆਵਾਜ਼ ਬੁਲੰਦ ਕਰ ਰਹੀਆਂ ਤ੍ਰਿਣਮੂਲ ਕਾਂਗਰਸ ਪਾਰਟੀ, ਸਮਾਜਵਾਦੀ ਪਾਰਟੀ ਸਮੇਤ ਸਾਰੀਆਂ ਪਾਰਟੀਆਂ ਦੇ ਮੈਂਬਰਾਂ ਨੂੰ ਰਾਜਨੀਤੀ ਅਤੇ ਪਾਰਟੀ ਲਾਇਨ ਤੋਂ ਉੱਪਰ ਉੱਠ ਕੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਚੁੱਕਣਾ ਚਾਹੀਦਾ ਹੈ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਉਂਦਿਆਂ ਕਿ ਲੋਕਾਂ ਦਾ ਨੁਮਾਇੰਦਾ ਹੋਣ ਦੇ ਨਾਤੇ ਉਹ ਵੱਖ ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਲਈ ਵੀ ਜ਼ਰੂਰ ਮਿਲਣਗੇ।

NO COMMENTS