*ਇੱਟਾਂ ਦੇ ਭੱਠੇ ਵਾਲਿਆਂ ਨੂੰ 20 ਫੀਸਦੀ ਬਾਲਣ ਵਜੋਂ ਲਾਜ਼ਮੀ ਇਸਤੇਮਾਲ ਕਰਨੀਆਂ ਪੈਣਗੀਆਂ ਪਰਾਲੀ ਦੀਆਂ ਗਿੱਟੀਆਂ*

0
174

(ਸਾਰਾ ਯਹਾਂ/  ਮੁੱਖ ਸੰਪਾਦਕ): ਕਾਰਜਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਕਿ ਇੱਟਾਂ ਦੇ ਭੱਠੇ ਵਾਲੇ ਪਰਾਲੀ ਦੀਆਂ ਗਿੱਟੀਆਂ ਨੂੰ 20 ਫੀਸਦੀ ਬਾਲਣ ਵਜੋਂ ਲਾਜ਼ਮੀ ਇਸਤੇਮਾਲ ਕਰਨ। 

ਉਨ੍ਹਾਂ ਕਿਹਾ ਕਿ ਇਸ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਭੱਠਾ ਮਾਲਕਾਂ ਨਾਲ ਸਬੰਧਤ ਅਧਿਕਾਰੀਆਂ ਸਮੇਤ ਮੀਟਿੰਗਾਂ ਕਰਕੇ ਇਸ ਫੈਸਲੇ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ। ਕਾਰਜਕਾਰੀ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉਤੇ ਅਮਲ ਕਰਦਿਆਂ ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਨਵਰੀਤ ਕੌਰ ਸੇਖੋਂ ਅਤੇ ਉਪ ਮੰਡਲ ਮੈਜਿਸਟ੍ਰੇਟ ਭਵਾਨੀਗੜ੍ਹ ਵਿਨੀਤ ਕੁਮਾਰ ਵੱਲੋਂ ਆਪੋ ਆਪਣੀਆਂ ਸਬ ਡਵੀਜ਼ਨਾਂ ਵਿੱਚ ਭੱਠਾ ਮਾਲਕਾਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਕਿਰਤ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ।


ਸੰਗਰੂਰ ਵਿਖੇ ਮੀਟਿੰਗ ਦੌਰਾਨ ਐਸ ਡੀ ਐਮ ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਨਵੇਂ ਪ੍ਰਬੰਧਨ ਲਈ ਵਾਤਾਵਰਣ ਅਤੇ ਸਾਇੰਸ ਤਕਨਾਲੋਜੀ ਵਿਭਾਗ ਵੱਲੋਂ ਇੱਟਾਂ ਦੇ ਭੱਠਿਆਂ ਵਾਲਿਆਂ ਲਈ ਹਰ ਤਕਨੀਕੀ ਮਦਦ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਭੱਠਾ ਮਾਲਕ, ਭੱਠਾ ਐਸੋਸੀਏਸ਼ਨ ਜਾਂ ਹੋਰ ਵਿਅਕਤੀ ਪਰਾਲੀ ਦੇ ਗੋਲਿਆਂ (ਗਿੱਟਿਆਂ) ਨੂੰ ਬਣਾਉਣ ਦੀ ਇਕਾਈ ਲਗਾਉਣਾ ਚਾਹੁੰਦਾ ਹੈ ਤਾਂ ਉਸ ਦੇ ਕੇਸ ਨੂੰ ਤਰਜੀਹ ਦਿੱਤੀ ਜਾਵੇਗੀ।


ਇਸੇ ਤਰ੍ਹਾਂ ਉਪ ਮੰਡਲ ਮੈਜਿਸਟ੍ਰੇਟ ਭਵਾਨੀਗੜ੍ਹ ਵਿਨੀਤ ਕੁਮਾਰ ਵੱਲੋਂ ਭੱਠਾ ਮਾਲਕਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਬਾਰੇ ਆਖਿਆ ਗਿਆ। ਉਨ੍ਹਾਂ ਕਿਹਾ ਕਿ ਵਾਤਾਵਰਨ ਵਿਚ ਸੁਧਾਰ ਲਿਆਉਣ ਅਤੇ ਪ੍ਰਦੂਸ਼ਣ ਨੂੰ ਰੋਕਣ ਲਈ ਇਹ ਯੋਜਨਾ ਲਾਹੇਵੰਦ ਸਾਬਤ ਹੋਵੇਗੀ ਜਿਸ ਤਹਿਤ ਭੱਠਾ ਮਾਲਕਾਂ ਨੂੰ ਲੋਕ ਹਿੱਤ ਵਿੱਚ ਸਹਿਯੋਗ ਲਈ ਵਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ।

LEAVE A REPLY

Please enter your comment!
Please enter your name here