ਮਾਨਸਾ 24/10/2024 (ਸਾਰਾ ਯਹਾਂ/ਮੁੱਖ ਸੰਪਾਦਕ)
ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਦੇਸ਼ ਭਰ ਵਿੱਚ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦੀ ਥੀਮ ਉੱਤੇ ਵੱਖੋ-ਵੱਖ ਥਾਵਾਂ ‘ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਸ਼ਹਿਰ ਦੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਸ ਕਾਲਜ ਵਿੱਚ ਉਕਤ ਥੀਮ ‘ਤੇ ਦੋ ਰੋਜ਼ਾ ਚਿੱਤਰ ਪ੍ਰਦਰਸ਼ਨੀ ਲਾਈ ਗਈ ਹੈ, ਜਿਸ ਦਾ ਵੀਰਵਾਰ ਨੂੰ ਆਗਾਜ਼ ਹੋ ਗਿਆ।
ਇਸ ਮੌਕੇ ਜ਼ਿਲੇ ਦੇ ਏਡੀਸੀ ਨਿਰਮਲ ਅਉਸੇਪਚਨ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਨ੍ਹਾਂ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਦੇ ਕਲਿਆਣ ਲਈ ਸਵੱਛ ਭਾਰਤ ਸਣੇ ਵੱਖੋ ਵੱਖ ਯੋਜਨਾਵਾਂ ਚਲਾਈਆਂ ਗਈਆਂ ਹਨ। ਪਰ ਉਨ੍ਹਾਂ ਨੂੰ ਸਫਲ ਬਣਾਉਣ ਲਈ ਆਮ ਲੋਕਾਂ ਨੂੰ ਅੱਗੇ ਆਉਣਾ ਪਵੇਗਾ ਅਤੇ ਇਸੇ ਲੜੀ ਵਿੱਚ ਉਨ੍ਹਾਂ ਇਲਕਾਵਾਸੀਆਂ ਨੂੰ ਸਵੱਛਤਾ ਮੁਹਿੰਮ ਨੂੰ ਸਫਲ ਬਣਾਉਣ ਲਈ ਸੱਦਾ ਦਿੱਤਾ।
ਮੰਚ ਤੋਂ ਸੰਬੋਧਨ ਕਰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਮੰਤਰਾਲੇ ਵੱਲੋਂ ਲਾਈ ਗਈ ਚਿੱਤਰ ਪ੍ਰਦਰਸ਼ਨੀ ਦੇ ਜ਼ਰੀਏ ਵੱਖੋ ਵੱਖ ਮੰਤਰਾਲਿਆਂ ਦੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸਦੇ ਨਾਲ ਹੀ ਆਨਲਾਈਨ ਠੱਗੀ ਦਾ ਸ਼ਿਕਾਰ ਹੋ ਰਹੇ ਲੋਕਾਂ ਨੂੰ ਇਸ ਤੋਂ ਬਚਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਬਰਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਰਹਿਨੁਮਾਈ ਹੇਠ ਕਾਲਜ ਵਲੋਂ ਸਵੱਛ ਭਾਰਤ ਅਭਿਆਨ, ਫਿੱਟ ਇੰਡੀਆ ਸਣੇ ਵੱਖੋ ਵੱਖ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕੀਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਇਸ ਪ੍ਰੋਗਰਾਮ ਨੂੰ ਉਲੀਕਣ ਲਈ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਮੰਚ ਤੋਂ ਡਾਕਟਰ ਰੁਪਿੰਦਰ ਪਾਲ ਕੌਰ ਨੇ ਬੇਟੀ ਬਚਾਓ ਬੇਟੀ ਪੜ੍ਹਾਓ, ਮਨਰੀਤ ਸਿੱਧੂ ਨੇ ਪਾਣੀ ਦੀ ਸਾਂਭ ਸੰਭਾਲ, ਪ੍ਰੋਫੈਸਰ ਹਰਜੀਤ ਸਿੰਘ ਨੇ ਸਵੱਛ ਭਾਰਤ, ਅਮਨਦੀਪ ਕੌਰ ਨੇ ਫਿੱਟ ਇੰਡੀਆ ਦੇ ਵਿਸ਼ੇ ਉੱਤੇ ਸੰਬੋਧਨ ਕੀਤਾ, ਜੱਦਕਿ ਡਾਕਟਰ ਬਲਮ ਨੇ ਮੰਚ ਦਾ ਸੰਚਾਲਨ ਕੀਤਾ।
ਇਸ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਲੇਖ ਮੁਕਾਬਲੇ ਵਿੱਚ ਸਿਮਰਜੀਤ ਕੌਰ ਨੇ ਪਹਿਲਾ, ਸੀਮਾ ਕੌਰ ਨੇ ਦੂਜਾ, ਨਿਤਾਸ਼ਾ ਨੇ ਤੀਜਾ ਸਥਾਨ ਹਾਸਿਲ ਕੀਤਾ। ਜਦਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਰੇਨੂ ਬਾਲਾ ਨੇ ਪਹਿਲਾ, ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਆਮ ਲੋਕਾਂ ਨੂੰ ਸਰਕਾਰ ਦੀਆਂ ਵੱਖੋ ਵੱਖ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਇੱਕ ਚੰਗਾ ਉਪਰਾਲਾ ਹੈ। ਬਹਿਰਹਾਲ ਇਸ ਪ੍ਰਦਰਸ਼ਨੀ ਦੌਰਾਨ ਨੁੱਕੜ ਨਾਟਕ ਸਣੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਲੋਕਾਂ ਦਾ ਦਿਲ ਜਿੱਤ ਲਿਆ।