
ਚੰਡੀਗੜ੍ਹ, 16 ਜਨਵਰੀ(ਸਾਰਾ ਯਹਾਂ/ਬਿਊਰੋ ਨਿਊਜ਼)
ਕੌਮੀ ਤੇ ਕੌਮਾਂਤਰੀ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਤੇ ਕੌਮੀ ਖੇਡਾਂ ਦੇ 168 ਜੇਤੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ 33.83 ਕਰੋੜ ਰੁਪਏ ਦੇ ਨਗਦ ਇਨਾਮ ਦੇਣ ਲਈ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਸਾਲ 2022 ਦੀਆਂ ਏਸ਼ੀਅਨ ਖੇਡਾਂ ਵਿੱਚ ਲੜਕੀਆਂ ਦੇ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਵਿੱਚ ਸੋਨੇ ਤੇ ਚਾਂਦੀ ਦਾ ਤਮਗਾ ਜੇਤੂ ਸਿਫ਼ਤ ਕੌਰ ਸਮਰਾ ਨੇ ਕਿਹਾ ਪਹਿਲੀ ਵਾਰ ਪੰਜਾਬ ਸਰਕਾਰ ਨੇ ਵੱਡੇ ਮੁਕਾਬਲਿਆਂ ਦੀ ਤਿਆਰੀ ਕਰਨ ਵਾਸਤੇ ਅਗਾਊਂ 8 ਲੱਖ ਰੁਪਏ ਦੀ ਨਗਦ ਰਾਸ਼ੀ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਓਲੰਪਿਕ ਖੇਡਾਂ ਸਮੇਤ ਬਾਕੀ ਖੇਡ ਮੁਕਾਬਲਿਆਂ ਵਿੱਚ ਖਿਡਾਰੀ ਹੋਰ ਤਮਗੇ ਜਿੱਤਣਗੇ।
ਸ਼ਾਟਪੁੱਟ ਵਿੱਚ ਸੋਨ ਤਮਗਾ ਜੇਤੂ ਤੇਜਿੰਦਰਪਾਲ ਸਿੰਘ ਤੂਰ ਨੇ ਖੇਡ ਮੁਕਾਬਲੇ ਤੋਂ ਤੁਰੰਤ ਬਾਅਦ ਖਿਡਾਰੀਆਂ ਨੂੰ ਨਗਦ ਇਨਾਮ ਦੇਣ ਦਾ ਵਾਅਦਾ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਨਗਦ ਇਨਾਮ ਉੱਭਰਦੇ ਖਿਡਾਰੀਆਂ ਲਈ ਵੱਡੀ ਰਕਮ ਹੈ ਅਤੇ ਇਸ ਨਾਲ ਬਿਨਾਂ ਸ਼ੱਕ ਸੂਬੇ ਵਿੱਚ ਹੋਰ ਖਿਡਾਰੀਆਂ ਨੂੰ ਉਤਸ਼ਾਹ ਮਿਲੇਗਾ।
ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜੇਤੂ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਪਹਿਲਾਂ ਮਾਪੇ ਤੇ ਰਿਸ਼ਤੇਦਾਰ ਅਕਸਰ ਖਿਡਾਰੀਆਂ ਖਾਸ ਕਰਕੇ ਲੜਕੀਆਂ ਨੂੰ ਖੇਡਾਂ ਨੂੰ ਪੇਸ਼ੇ ਵਜੋਂ ਅਪਣਾਉਣ ਲਈ ਨਿਰਉਤਸ਼ਾਹਤ ਕਰਦੇ ਸਨ ਪਰ ਖਿਡਾਰੀਆਂ ਦਾ ਮਾਣ-ਸਤਿਕਾਰ ਅਤੇ ਤਿਆਰੀਆਂ ਲਈ ਅਗਾਊਂ ਰਾਸ਼ੀ ਦੇਣ ਨਾਲ ਹੋਰ ਨੌਜਵਾਨ ਖਿਡਾਰੀਆਂ ਨੂੰ ਹੱਲਾਸ਼ੇਰੀ ਮਿਲੇਗੀ।
ਰੋਇੰਗ ਵਿੱਚ ਚਾਂਦੀ ਦਾ ਤਮਗਾ ਜੇਤੂ ਚਰਨਜੀਤ ਸਿੰਘ ਨੇ ਨਵੀਂ ਖੇਡ ਨੀਤੀ ਲਾਗੂ ਕਰਨ ਅਤੇ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
