*ਏ.ਡੀ.ਸੀ ਅਮਰਪ੍ਰੀਤ ਸੰਧੂ ਵੱਲੋਂ ਕੋਵਿਡ ਆਈਸੋਲੇਸ਼ਨ ਵਾਰਡ ਦਾ ਅਚਨਚੇਤ ਦੌਰਾ..!ਪ੍ਰਸ਼ਾਸਨ ਵੱਲੋਂ ਅਬਜ਼ਰਵਰ ਤਾਇਨਾਤ, ਰਜਿਸਟਰ ਵਿੱਚ ਦਰਜ ਹੋਣਗੀਆਂ ਸ਼ਿਕਾਇਤਾਂ*

0
71

ਮਾਨਸਾ, 9 ਮਈ (ਸਾਰਾ ਯਹਾਂ/ਮੁੱਖ ਸੰਪਾਦਕ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਕਾਰਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਿਥੇ ਖੁਦ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਸੀਨੀਅਰ ਅਧਿਕਾਰੀਆਂ ਸਮੇਤ ਰੋਜ਼ਾਨਾ ਸਮੀਖਿਆ ਕੀਤੀ ਜਾ ਰਹੀ ਹੈ ਉਥੇ ਹੀ ਸਿਵਲ ਹਸਪਤਾਲ ਵਿਖੇ ਸਥਾਪਤ ਕੋਵਿਡ ਆਈਸੋਲੇਸ਼ਨ ਵਾਰਡ ਵਿਖੇ ਜੇਰੇ ਇਲਾਜ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਛੇਤੀ ਸਿਹਤਯਾਬੀ ਲਈ ਹਰ ਪੱਖੋਂ ਬਿਹਤਰ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੀਤੀ ਸ਼ਾਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਕੋਵਿਡ ਆਈਸੋਲੇਸ਼ਨ ਵਾਰਡ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਜੇਰੇ ਇਲਾਜ ਕੋਵਿਡ ਪਾਜ਼ੀਟਿਵ ਮਰੀਜ਼ਾਂ ਨਾਲ ਖੁਦ ਗੱਲਬਾਤ ਕਰਕੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਫੀਡਬੈਕ ਲਈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ ਵਾਇਰਸ ਤੋਂ ਨਾਗਰਿਕਾਂ ਨੂੰ ਬਚਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਅਤੇ ਲੋਕਾਂ ਦਾ ਵੀ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਸਰਕਾਰੀ ਹਦਾਇਤਾਂ ਦੀ ਅਣਦੇਖੀ ਨਾ ਕਰਨ। ਉਨ੍ਹਾਂ ਵਾਰਡ ਵਿਖੇ ਸਾਫ਼ ਸਫ਼ਾਈ ਦੇ ਪ੍ਰਬੰਧਾਂ, ਕੋਵਿਡ ਪਾਜ਼ੀਟਿਵ ਮਰੀਜ਼ਾਂ ਨੂੰ ਦਿੱਤੇ ਜਾਂਦੇ ਖਾਣੇ ਅਤੇ ਇਲਾਜ ਸਬੰਧੀ ਵਿਸਤ੍ਰਿਤ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਈਸੋਲੇਸ਼ਨ ਵਾਰਡ ਵਿਖੇ ਦੋ ਐਲ.ਈ.ਡੀ ਸਥਾਪਤ ਕੀਤੀਆਂ ਗਈਆਂ ਹਨ ਜਿਥੇ ਕਿ ਸਾਰਾ ਦਿਨ ਧਾਰਮਿਕ ਪ੍ਰੋਗਰਾਮਾਂ ਦਾ ਸਿੱਧਾ ਪ੍ਰਸਾਰਨ ਚਲਦਾ ਰਹਿੰਦਾ ਹੈ ਜਿਸ ਨਾਲ ਇਥੇ ਜੇਰੇ ਇਲਾਜ ਲੋਕਾਂ ਨੂੰ ਆਤਮਕ ਬਲ ਮਿਲੇਗਾ ਅਤੇ ਸਮਾਂ ਵੀ ਚੰਗਾ ਬਤੀਤ ਹੋਵੇਗਾ।


ਏ.ਡੀ.ਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਸੁਚੱਜੀ ਦੇਖਭਾਲ ਅਤੇ ਛੇਤੀ ਸਿਹਤਯਾਬੀ ਲਈ ਦ੍ਰਿੜ ਹੈ ਅਤੇ ਮਰੀਜ਼ਾਂ ਨੂੰ ਵੀ ਸਾਕਾਰਾਤਮਕ ਰਵੱਈਆ ਅਪਣਾਉਂਦੇ ਹੋਏ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਆਈਸੋਲੇਸ਼ਨ ਵਾਰਡ ਵਿੱਚ ਕੇਵਲ ਉਨ੍ਹਾਂ ਮਰੀਜ਼ਾਂ ਨੂੰ ਹੀ ਦਾਖਲ ਕੀਤਾ ਗਿਆ ਹੈ ਜਿਨ੍ਹਾਂ ਦੀ ਸਿਹਤ ਘਰੇਲੂ ਇਕਾਂਤਵਾਸ ਵਿੱਚ ਵਧੇਰੇ ਵਿਗੜਨ ਦੇ ਆਸਾਰ ਹੁੰਦੇ ਹਨ ਅਤੇ ਇਥੇ ਡਾਕਟਰੀ ਸਟਾਫ਼ ਦੀ ਨਿਗਰਾਨੀ ਹੇਠ ਇਨ੍ਹਾਂ ਮਰੀਜ਼ਾਂ ਦੇ ਛੇਤੀ ਤੰਦਰੁਸਤ ਹੋਣ ਦੀ ਸੰਭਾਵਨਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਆਈਸੋਲੇਸ਼ਨ ਵਾਰਡ ਦੇ ਦਾਖਲੇ ‘ਤੇ ਲੋੜਵੰਦਾਂ ਦੀ ਮਦਦ ਲਈ ਇੱਕ ਹੈਲਪ ਡੈਸਕ ਵੀ ਸਥਾਪਤ ਕੀਤਾ ਗਿਆ ਹੈ ਜਿਥੇ ਕੋਵਿਡ ਨਾਲ ਸਬੰਧਤ ਹਰੇਕ ਕਿਸਮ ਦੀ ਸਹਾਇਤਾ ਲਈ ਅਧਿਕਾਰੀ ਖੁਦ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਦੇ ਹਨ ਅਤੇ ਢੁਕਵੇਂ ਹੱਲ ਨੂੰ ਯਕੀਨੀ ਬਣਾਇਆ ਜਾਂਦਾ ਹੈ ਜਿਸ ਵਿੱਚ ਸਿਹਤ ਸਲਾਹਾਂ, ਆਕਸੀਜਨ, ਬੈਡ ਦੀ ਉਪਲਬਧਤਾ, ਘਰੇਲੂ ਇਕਾਂਤਵਾਸ, ਸੈਂਪਲਿੰਗ, ਟੀਕਾਕਰਨ ਆਦਿ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸਿਵਲ ਹਸਪਤਾਲ ਵਿਖੇ ਅਬਜ਼ਰਵਰ ਵੀ ਤਾਇਨਾਤ ਕੀਤਾ ਗਿਆ ਹੈ ਅਤੇ ਇਸ ਸਬੰਧੀ ਦਰਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦੇ ਇੰਦਰਾਜ ਰਜਿਸਟਰ ਵਿੱਚ ਕੀਤੇ ਜਾਂਦੇ ਹਨ ਤਾਂ ਜੋ ਛੇਤੀ ਤੋਂ ਛੇਤੀ ਢੁਕਵਾਂ ਹੱਲ ਕਰਵਾਇਆ ਜਾ ਸਕੇ।  ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜੇਰੇ ਇਲਾਜ ਪਾਜ਼ੀਟਿਵ ਮਰੀਜ਼ਾਂ ਲਈ ਲੋੜ ਮੁਤਾਬਕ ਆਕਸੀਜਨ ਉਪਲਬਧ ਹੈ।

NO COMMENTS