ਮਾਨਸਾ, 13 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਮਾਨਸਾ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀ ਅਗਵਾਈ ਵਿੱਚ ਪ੍ਰਸ਼ਾਸਨ ਦੇ ਉਪਰਾਲਿਆਂ ਅਤੇ ਜ਼ਿਲ੍ਹਾ ਵਸਨੀਕਾਂ ਦੇ ਸਹਿਯੋਗ ਸਦਕਾ ਕੋਰੋਨਾ ਦਾ ਅਸਰ ਬਾਕੀ ਜ਼ਿਲ੍ਹਿਆਂ ਤੋਂ ਘੱਟ ਹੈ ਪਰ ਫਿਰ ਵੀ ਇਸ ਵਾਇਰਸ ਤੋਂ ਬਚੇ ਰਹਿਣ ਲਈ ਜ਼ਰੂਰੀ ਅਹਿਤਿਆਤ ਵਰਤਣ ਦੀ ਲੋੜ ਹੈ, ਤਾਂ ਜੋ ਅਸੀਂ ਖੁਦ ਨੂੰ, ਆਪਣੇ ਪਰਿਵਾਰ ਅਤੇ ਸਮਾਜ ਨੂੰ ਇਸ ਬਿਮਾਰੀ ਦੀ ਚਪੇਟ ਤੋਂ ਬਚਾ ਕੇ ਰੱਖ ਸਕੀਏ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਕੋਵਿਡ-19 ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ਼ ਤੋਂ ਸਿੱਧੇ ਪ੍ਰਸਾਰਣ ਰਾਹੀਂ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਬੁੱਧਵਾਰ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਫੇਸਬੁੱਕ ਪੇਜ਼ ‘ਤੇ ਲੋਕਾਂ ਦੇ ਰੂਬਰੂ ਹੋ ਕੇ ਕੋਵਿਡ-19 ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਜਾਂਦਾ ਹੈ। ਉਨ੍ਹਾ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 253 ਕੋਰੋਨਾ ਮਰੀਜ਼ ਆਏ ਹਨ, ਜਿਨ੍ਹਾ ਵਿੱਚੋਂ 139 ਕੇਸ ਤੰਦਰੁਸਤ ਹੋ ਕੇ ਆਪਣੇ-ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ 1 ਮਰੀਜ਼ ਦੀ ਮੌਤ ਵੀ ਹੋਈ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 106 ਮਰੀਜ਼ ਕੋਵਿਡ ਕੇਅ ਸੈਂਟਰ ਅਤੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਹਨ।ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਵਾਇਰਸ ਤੋਂ ਬਚਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੁਣ 20574 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਤੋਂ ਬਚਣ ਦੇ ਪਹਿਲੇ ਤਿੰਨ ਨਿਯਮਾਂ ਦੀ ਹਰ ਵਿਅਕਤੀ ਨੂੰ ਪਾਲਣਾ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਕਰਨਾ, ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਨ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕਰਨਾ ਅਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿਚਕਾਰ ਘੱਟੋਂ-ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣਾ ਲਾਜ਼ਮੀ ਹੈ।ਇਸ ਮੌਕੇ ਉਨ੍ਹਾਂ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਵਿਸਥਾਰ ਨਾਲ ਜਵਾਬ ਦਿੱਤਾ।
ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਘਰ-ਘਰ ਰੋਜ਼ਗਾਰ ਮੁਹਿੰਮ ਅਧੀਨ 24 ਸਤੰਬਰ ਤੋਂ 30 ਸਤੰਬਰ 2020 ਤੱਕ ਰੋਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ‘ਚ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੌਜਵਾਨ ਵੈਬਸਾਈਟ PGRKAM.COM ‘ਤੇ ਰਜਿਸਟਰਡ ਆਪਣੇ ਜ਼ਰੂਰ ਕਰਵਾਉਣ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ਸੇਵਾ ਕੇਂਦਰ ਦੇ ਉਪਰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਬਣਿਆ ਹੋਇਆ ਹੈ, ਜਿਸ ਵਿੱਚ ਨੌਜਵਾਨਾਂ ਦੀ ਕਾਊਂਸਲਿੰਗ ਦੇ ਨਾਲ-ਨਾਲ ਉਨ੍ਹਾਂ ਦਾ ਮਾਰਗ-ਦਰਸ਼ਨ ਵੀ ਕੀਤਾ ਜਾਂਦਾ ਹੈ। z