ਮਾਨਸਾ, 15 ਜੁਲਾਈ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਡੇਂਗੂ ਤੇ ਮਲੇਰੀਏ ਦੇ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰੀ ਖੇਤਰ ਵਿਚ ਕਾਰਜਸ਼ੀਲ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਅਤੇ ਮਲੇਰੀਏ ਦੇ ਮਰੀਜ਼ਾਂ ਵਿਚ ਵਾਧਾ ਹੋਣ ਲਗਦਾ ਹੈ, ਮਲੇਰੀਆ ਮਾਦਾ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਅਤੇ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਆਪਣੇ ਆਲੇ ਦੁਆਲੇ, ਗਲੀਆਂ, ਘਰਾਂ ਵਿੱਚ ਪਏ ਗਮਲੇ, ਟੁੱਟੇ ਬਰਤਨ, ਟਾਇਰਾਂ ਆਦਿ ਵਿਚ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਇਹ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ’ਤੇ ਦਫ਼ਤਰਾਂ ਅਤੇ ਘਰਾਂ ਵਿਚ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਂਦਾ ਹੈ, ਇਸ ਦਿਨ ਕੂਲਰਾਂ ਦਾ ਪਾਣੀ ਕੱਢ ਕੇ ਚੰਗੀ ਤਰ੍ਹਾਂ ਸੁਕਾਅ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ ਫਰਿੱਜਾਂ ਦੇ ਪਿੱਛੇ ਲੱਗੀ ਟਰੇਅ ਵਿੱਚ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ। ਸਰੀਰ ਨੂੰ ਪੂਰਾ ਢਕਣ ਵਾਲੇ ਕੱਪੜੇ ਪਹਿਨਣੇ ਚਾਹੀਦਾ ਹਨ ਜਿਸ ਨਾਲ ਮੱਛਰ ਨਾ ਲੜ ਸਕੇ, ਮੱਛਰਦਾਨੀਆਂ ਅਤੇ ਮੱਛਰ ਤੋਂ ਬਚਾਅ ਸਬੰਧੀ ਕਰੀਮਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ। ਜੇਕਰ ਕਿਸੇ ਨੂੰ ਬੁਖ਼ਾਰ ਹੁੰਦਾ ਹੈ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਡੇਂਗੂ ਤੇ ਮਲੇਰੀਏ ਦਾ ਇਲਾਜ਼ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।
ਮਾਸ ਮੀਡੀਆ ਅਫ਼ਸਰ ਵਿਜੈ ਕੁਮਾਰ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ 09 ਮੈਂਬਰੀ ਬਰੀਡਿੰਗ ਕੈਪਚਰ ਅਤੇ ਸਪਰੇਅ ਟੀਮਾਂ ਇੱਕ ਸਿਹਤ ਕਰਮਚਾਰੀ ਦੀ ਨਿਗਰਾਨੀ ਹੇਠ ਮਾਨਸਾ ਸਹਿਰੀ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਸਮੂਹ ਸਿਹਤ ਸੁਪਰਵਾਈਜ਼ਰ ਅਤੇ ਸਿਹਤ ਕਰਮਚਾਰੀਆਂ ਵੱਲੋਂ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਬੁਖਾਰ ਹੋਣ ਦੀ ਸੂਰਤ ਵਿੱਚ ਮਰੀਜ਼ ਨੂੰ ਸਲਾਈਡ ਬਣਾ ਕੇ ਦਵਾਈ ਮੁਹੱਈਆ ਕਰਾਈ ਜਾਂਦੀ ਹੈ ਜਾ ਲੋੜ ਪੈਣ ’ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੇ ਦੱਸਣ ਅਨੁਸਾਰ ਦਵਾਈ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ।