
ਚੰਡੀਗੜ੍ਹ, 26 ਦਸੰਬਰ, 2023(ਸਾਰਾ ਯਹਾਂ/ਬਿਊਰੋ ਨਿਊਜ਼):ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਜਿਲੇ ਦੇ ਪਿੰਡ ਦਬੁਰਜੀ ਦੇ ਨਿਵਾਸੀ ਗੁਰਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉੱਪਰ ਕਾਰਵਾਈ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਸ ਨੂੰ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਨੇੜੇ ਪੁੱਡਾ ਵੱਲੋਂ ਦੁੱਧ ਵਿੱਕਰੀ ਦਾ ਬੂਥ ਲ 2016 ਵਿੱਚ ਅਲਾਟ ਹੋਇਆ ਸੀ। ਜਦੋਂ ਉਹ ਸਾਲ 2021 ਵਿੱਚ ਕਨੇਡਾ ਚਲਾ ਗਿਆ ਤਾਂ ਉਸਦੇ ਪਿਤਾ ਵੱਲੋਂ ਇਹ ਬੂਥ ਚਲਾਇਆ ਜਾ ਰਿਹਾ ਸੀ। ਉਕਤ ਪੁੱਡਾ ਐਕਸੀਅਨ ਵੱਲੋਂ ਇਸ ਬੂਥ ਨੂੰ ਚੱਲਦਾ ਰੱਖਣ ਬਦਲੇ 20,000 ਰੁਪਏ ਮਹੀਨਾ ਰਿਸ਼ਵਤ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਉਸਨੇ ਅੱਗੇ ਕਿਹਾ ਕਿ ਉਕਤ ਐਕਸੀਅਨ ਨੇ ਉਸਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ ਉਸਨੂੰ 20,000 ਦੀ ਮਹੀਨਾ ਰਿਸ਼ਵਤ ਦੇਣ ਵਿੱਚ ਅਸਫਲ ਰਿਹਾ ਤਾਂ ਉਹ ਉਸਦੇ ਬੂਥ ਦੀ ਅਲਾਟਮੈਂਟ ਰੱਦ ਕਰਵਾ ਦੇਵੇਗਾ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਐਕਸੀਅਨ ਪਹਿਲਾਂ ਵੀ ਉਸ ਕੋਲ਼ੋਂ ਇਸੇ ਕੰਮ ਬਦਲੇ ਇੱਕ ਲੱਖ ਰੁਪਏ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
