ਮਾਨਸਾ, 23 ਅਕਤੂਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਪਿਛਲੇ ਇੱਕ ਹਫ਼ਤੇ ਤੋਂ ਇੰਸਪੈਕਟਰ ਸ਼੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਐਨ.ਡੀ.ਆਰ.ਐਫ. ਬਠਿੰਡਾ ਦੀ ਟੀਮ ਵੱਖ-ਵੱਖ ਸਕੂਲਾਂ ਵਿੱਚ ਸਕੂਲ ਸੇਫ਼ਟੀ ਪ੍ਰੋਗਰਾਮ ਅਤੇ ਪਿੰਡਾਂ ਵਿੱਚ ਜਾ ਕੇ ਕਮਿਊਨਿਟੀ ਪ੍ਰੋਗਰਾਮ ਤਹਿਤ ਲੋਕਾਂ ਨੂੰ ਆਫ਼ਤ ਪ੍ਰਬੰਧਨ ਸਬੰਧੀ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾ ਰਹੀ ਹੈ। ਇਸੇ ਲੜੀ ਤਹਿਤ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੁਦਰਤੀ ਆਪਦਾ ਜਾਂ ਮੁਸੀਬਤ ਸਮੇਂ ਕਿਹੜੀਆਂ ਸਾਵਧਾਨੀਆਂ ਅਤੇ ਸਾਧਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ, ਐਸ.ਪੀ. ਸ਼੍ਰੀ ਜਸਕੀਰਤ ਸਿੰਘ ਅਹੀਰ, ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਅਤੇ ਡਿਪਟੀ ਕਮਾਂਡੈਂਟ ਐਨ.ਡੀ.ਆਰ.ਐਫ. ਸ਼੍ਰੀ ਰਿਸ਼ੀ ਮਹਾਜਨ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਹ ਮੌਕ ਡਰਿੱਲ ਦਿਖਾਉਣ ਦਾ ਮੰਤਵ ਲੋਕਾਂ ਨੂੰ ਕੁਦਰਤੀ ਆਪਦਾ ਜਾਂ ਹੋਰ ਵੀ ਕਿਸੇ ਤਰ੍ਹਾਂ ਦੀ ਮੁਸੀਬਤ ਤੋਂ ਬਚਣ ਅਤੇ ਦੂਜਿਆਂ ਨੂੰ ਬਚਾਉਣ ਲਈ ਸਮਰੱਥ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭੁਚਾਲ ਤੋਂ ਬਚਣ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਕਿ ਕਿਸ ਤਰ੍ਹਾਂ ਅਜਿਹੀ ਸਥਿਤੀ ਦੌਰਾਨ ਇਮਾਰਤ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉੱਚੀਆਂ ਇਮਾਰਤਾਂ ਵਿੱਚ ਫਸੇ ਵਿਅਕਤੀਆਂ ਨੂੰ ਰੱਸੀ ਦੇ ਜ਼ਰੀਏ ਕਿਸ ਤਰ੍ਹਾਂ ਬਚਾਇਆ ਜਾ ਸਕਦਾ ਹੈ, ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਕੁਦਰਤੀ ਆਪਦਾ ਤੋਂ ਬਚਣ ਲਈ ਸਭ ਤੋਂ ਪਹਿਲਾਂ ਆਪਣੇ ਮਨ ਨੂੰ ਪੂਰੀ ਤਰ੍ਹਾਂ ਸੁਚੇਤ ਕਰਕੇ ਪੂਰੇ ਸੰਜਮ ਨਾਲ ਉਸ ਆਪਦਾ ਤੋਂ ਬਾਹਰ ਨਿਕਲਣ ਬਾਰੇ ਵਿਉਂਤ ਬਣਾਉਣੀ ਲਾਜ਼ਮੀ ਹੈ, ਤਾਂ ਹੀ ਅਸੀਂ ਖੁਦ ਨੂੰ ਅਤੇ ਦੂਜਿਆਂ ਨੂੰ ਕਿਸੇ ਵੀ ਆਪਦਾ ਤੋਂ ਬਚਾਉਣ ਵਿੱਚ ਸਫਲ ਹੋ ਸਕਾਂਗੇ। ਇਸ ਮੌਕੇ ਅਸ਼ੋਕ ਕੁਮਾਰ, ਗੁਲਸ਼ਨ ਕੁਮਾਰ ਨਾਗਰ, ਸੁਨੀਲ ਕੁਮਾਰ, ਅਨਿਲ ਕੁਮਾਰ, ਹਵਲਦਾਰ ਸੁਬਰਤ ਰਾਏ, ਕਾਮਤਾ ਰਾਵ ਨੇ ਡੈਮੋ ਪ੍ਰਦਰਸ਼ਨ ਰਾਹੀਂ ਮੌਜੂਦਾ ਨੂੰ ਜਾਣਕਾਰੀ ਦਿੱਤੀ।