*ਐਨ ਮੌਕੇ ‘ਤੇ ਕੱਟੀ ਗਈ ਚੰਨੀ ਦੀ ਟਿਕਟ? ਕਾਂਗਰਸ ਨੇ ਕਿਉਂ ਬਣਾਇਆ ਕਰਮਜੀਤ ਕੌਰ ਨੂੰ ਉਮੀਦਵਾਰ?*

0
160

(ਸਾਰਾ ਯਹਾਂ/ਬਿਊਰੋ ਨਿਊਜ਼ ) : ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਇਸ ਸੀਟ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਜਲੰਧਰ ਦੀ ਲੋਕ ਸਭਾ ਸੀਟ ਖਾਲੀ ਹੋ ਗਈ ਸੀ।

ਅਜਿਹੇ ਵਿੱਚ ਇੱਥੋਂ ਜ਼ਿਮਨੀ ਚੋਣ ਲਈ ਟਿਕਟ ਦੀ ਦੌੜ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਚਰਚਾ ਵਿੱਚ ਸੀ ਪਰ ਕਾਂਗਰਸ ਹਾਈਕਮਾਂਡ ਨੇ ਚੰਨੀ ਨੂੰ ਟਿਕਟ ਨਾ ਦਿੰਦੇ ਹੋਏ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਹੈ।

ਚੰਨੀ ਨੂੰ ਟਿਕਟ ਨਾ ਦੇਣ ਦਾ ਕਾਰਨ- ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿੱਥੇ ਕਾਂਗਰਸ ਦੀ ਹਾਰ ਦਾ ਦੋਸ਼ ਉਨ੍ਹਾਂ ‘ਤੇ ਲਾਇਆ ਗਿਆ, ਉੱਥੇ ਉਨ੍ਹਾਂ ਦੀ ਹੀ ਪਾਰਟੀ ਦੇ ਨੇਤਾਵਾਂ ਨੇ ਉਨ੍ਹਾਂ ‘ਤੇ ਲਗਾਤਾਰ ਸਵਾਲ ਖੜ੍ਹੇ ਕੀਤੇ।

ਇਸ ਤੋਂ ਬਾਅਦ ਚਰਨਜੀਤ ਚੰਨੀ ਅਮਰੀਕਾ ਚਲੇ ਗਏ ਤੇ ਕਰੀਬ 9 ਮਹੀਨੇ ਉੱਥੇ ਰਹੇ। ਇਸ ਤੋਂ ਬਾਅਦ ਉਹ ਵਾਪਸ ਪਰਤੇ ਤਾਂ ਹੁਣ ਫਿਰ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਚਰਚਾ ‘ਚ ਹਨ। ਇੱਥੋਂ ਤੱਕ ਕਿ ਪੰਜਾਬ ਵਿਜੀਲੈਂਸ ਨੇ ਚਰਨਜੀਤ ਚੰਨੀ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਵਿਦੇਸ਼ ਜਾਣ ‘ਤੇ ਪਾਬੰਦੀ ਲਗਾ ਦਿੱਤੀ ਸੀ।

ਦੂਜੇ ਪਾਸੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਚਰਨਜੀਤ ਚੰਨੀ ਖਿਲਾਫ ਸਬੂਤ ਹੋਣ ਦੀ ਗੱਲ ਕਹੀ ਹੈ। ਸੂਤਰਾਂ ਦਾ ਦਾਅਵਾ ਹੈ ਕਿ ਵਿਵਾਦਾਂ ਵਿੱਚ ਘਿਰੇ ਚਰਨਜੀਤ ਚੰਨੀ ਨੂੰ ਟਿਕਟ ਦੇਣ ਨਾਲ ਕਾਂਗਰਸ ਮੁੜ ਵਿਰੋਧੀ ਪਾਰਟੀਆਂ ਦੇ ਹਮਲੇ ਦਾ ਸ਼ਿਕਾਰ ਹੋ ਸਕਦੀ ਸੀ। ਇਸ ਕਰਕੇ ਚੰਨੀ ਦੀ ਬਜਾਏ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਗਈ ਹੈ। ਉਨ੍ਹਾਂ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ।ਅਜੇ ਤੱਕ ਚੋਣ ਕਮਿਸ਼ਨ ਵੱਲੋਂ ਉਪ ਚੋਣ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਪਰ ਕਾਂਗਰਸ ਨੇ ਆਪਣੇ ਵੱਕਾਰ ਦਾ ਸਵਾਲ ਸਮਝਦੇ ਹੋਏ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਲਈ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਪੂਰਥਲਾ ਤੋਂ ਪਾਰਟੀ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਜਲੰਧਰ ਲੋਕ ਸਭਾ ਉਪ ਚੋਣ ਲਈ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।

NO COMMENTS