ਫਗਵਾੜਾ, 24 ਫਰਵਰੀ (ਸਾਰਾ ਯਹਾਂ/ਸ਼ਿਵ ਕੌੜਾ) ਫਗਵਾੜਾ ਵਿੱਚ ਐਸ.ਡੀ.ਐਮ. ਜਸ਼ਨਜੀਤ ਸਿੰਘ ਨੇ ਅੱਜ ਤਹਿਸੀਲ ਦਾ ਦੌਰਾ ਕੀਤਾ ਅਤੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਤਹਿਸੀਲ ਵਿੱਚ ਕੁਝ ਕੰਮ ਕਰਵਾਉਣ ਲਈ ਆਏ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਨਿਰਦੇਸ਼ ਦਿੱਤੇ। ਰਜਿਸਟਰੀ ਅਤੇ ਹੋਰ ਸੇਵਾਵਾਂ ਪ੍ਰਾਪਤ ਕਰਨ ਲਈ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮਾਲੀਆ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਤਹਿਸੀਲ ਵਿੱਚ ਰਿਕਾਰਡ ਦੀ ਸਾਂਭ-ਸੰਭਾਲ, ਲੋਕਾਂ ਲਈ ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਆਦਿ ਦਾ ਵੀ ਨਿਰੀਖਣ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਵਸੀਕਾ ਰਾਈਟਰਜ਼ ਦੇ ਚੈਂਬਰਾਂ ਦਾ ਵੀ ਦੌਰਾ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕੀਤੀ।