ਚੰਡੀਗੜ੍ਹ 28,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਫਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਉੱਪਰ ਵੱਡਾ ਹਮਲਾ ਕੀਤਾ ਹੈ। ਕੇਜਰੀਵਾਲ ਨੇ ਔਰਤਾਂ ਲਈ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਮੇਰੇ ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਦੇ ਐਲਾਨ ਤੋਂ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨਾਰਾਜ਼ ਹਨ। ਭਾਜਪਾ, ਕਾਂਗਰਸ ਤੇ ਅਕਾਲੀ ਦਲ ਵਾਲੇ ਮੈਨੂੰ ਗਾਲ੍ਹਾਂ ਕੱਢ ਰਹੇ ਹਨ।
ਅੱਗੇ ਕਿਹਾ ਕਿ ਕਾਂਗਰਸੀ ਤੇ ਅਕਾਲੀ ਦਲ ਵਾਲੇ ਕਹਿ ਰਹੇ ਹਨ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ। ਇਨ੍ਹਾਂ ਨੇ ਮਿਲ ਕੇ ਪੰਜਾਬ ਦਾ ਖਜ਼ਾਨਾ ਖਾਲੀ ਕਰ ਦਿੱਤਾ। ਉਨ੍ਹਾਂ ਕਿਹਾ ਹੈ ਕਿ ਜਦੋਂ ਵੀ ਗੁਰਦੁਆਰੇ ਜਾਂ ਮੰਦਰ ਜਾਓ ਤਾਂ ਮੇਰੇ ਲਈ ਵੀ ਅਰਦਾਸ ਕਰੋ। ਦੱਸ ਦਈਏ ਕਿ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਬਣਨ ‘ਤੇ ਔਰਤਾਂ ਨੂੰ 1000-1000 ਰੁਪਏ ਦਿੱਤੇ ਜਾਣਗੇ। ਇਸ ਮਗਰੋਂ ਸਵਾਲ ਉੱਠ ਰਹੇ ਹਨ ਕਿ ਕੇਜਰੀਵਾਲ ਐਲਾਨ ਤਾਂ ਵੱਡੇ-ਵੱਡੇ ਕਰ ਰਹੇ ਹਨ ਪਰ ਇਸ ਲਈ ਪੈਸਾ ਕਿੱਥੋਂ ਆਏਗਾ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਪੰਜਾਬ ਵਿੱਚ ਸਰਗਰਮ ਹਨ। ਉਹ ਨਿੱਤ ਨਵੇਂ ਐਲਾਨ ਕਰ ਰਹੇ ਹਨ। ਸ਼ਨੀਵਾਰ ਨੂੰ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸਾਰੇ ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਕੇਜਰੀਵਾਲ ਨੇ ਆਖਿਆ ਕਿ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ। ਚੋਣਾਂ ਨੇੜੇ ਆਉਣ ਕਾਰਨ ਮੁੱਖ ਮੰਤਰੀ ਐਲਾਨ ’ਤੇ ਐਲਾਨ ਕਰ ਰਹੇ ਹਨ, ਜਦਕਿ ਹਕੀਕਤ ਵਿੱਚ ਕਿਸੇ ਨੂੰ ਕੁਝ ਨਹੀਂ ਮਿਲ ਰਿਹਾ।
ਉਨ੍ਹਾਂ ਕੱਚੇ ਅਧਿਆਪਕਾਂ ਤੇ ਸਮੂਹ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੇ ਅਕਾਲੀ ਦਲ, ਭਾਜਪਾ ਤੇ ਕਾਂਗਰਸ ਨੂੰ ਪਰਖ ਕੇ ਦੇਖ ਲਿਆ ਹੈ ਹੁਣ ਉਨ੍ਹਾਂ ਨੂੰ ਪੰਜਾਬ ਦੀ ਸੇਵਾ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਥਾਂ-ਥਾਂ ’ਤੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਇਸ਼ਤਿਹਾਰੀ ਬੋਰਡ ਲੱਗੇ ਹੋਏ ਹਨ ਪਰ ਧਰਨੇ ’ਚ ਪੁੱਜ ਕੇ ਅਸਲੀਅਤ ਪਤਾ ਚੱਲੀ ਕਿ ਸਰਕਾਰ ਨੇ ਹੁਣ ਤੱਕ 36 ਕਰਮਚਾਰੀ ਵੀ ਪੱਕੇ ਨਹੀਂ ਕੀਤੇ।