
ਚੰਡੀਗੜ੍ਹ, 11,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼): ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕਣਕ ਦੀ ਆਮਦ ਵਧਣ ਦੇ ਨਾਲ, ਖਰੀਦ ਏਜੰਸੀਆਂ ਨੇ ਇਹ ਯਕੀਨੀ ਬਣਾਉਣ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ ਕਿ ਮੰਡੀ ਦੇ ਕੰਮਕਾਜ ਨੂੰ ਵਧੇਰੇ ਕੁਸ਼ਲਤਾ ਨਾਲ ਨੇਪਰੇ ਚਾੜ੍ਹਿਆ ਜਾਵੇ।
ਇਹ ਪ੍ਰਗਟਾਵਾ ਕਰਦਿਆਂ ਅੱਜ ਸਰਕਾਰੀ ਬੁਲਾਰੇ ਨੇ ਦੱਸਿਆ ਕਿ 10 ਅਪਰੈਲ ਤੱਕ ਸਰਕਾਰੀ ਏਜੰਸੀਆਂ ਵੱਲੋਂ ਕਣਕ ਦੀ ਕੁੱਲ ਖਰੀਦ ਨੇ ਪਿਛਲੇ ਪੰਜ ਸਾਲਾਂ ਵਿੱਚ ਇਸ ਮਿਤੀ ਤੱਕ ਕਣਕ ਦੀ ਖਰੀਦ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰੀ ਏਜੰਸੀਆਂ ਨੇ ਹੁਣ ਤੱਕ 4.3 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਸਾਲ 2018 ਵਿੱਚ ਸਭ ਤੋਂ ਵੱਧ 38,019 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਰਾਜ ਸਰਕਾਰ ਨੇ ਹੁਣ ਤਕ ਇਹ ਯਕੀਨੀ ਬਣਾਇਆ ਹੈ ਕਿ ਐਮ ਐਸ ਪੀ ਦੀ138 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋ ਗਈ ਹੈ ਜਦੋਂਕਿ ਪਹਿਲਾਂ ਇਹ ਸਭ ਤੋਂ ਵੱਧ ਸਾਲ 2017 ਵਿੱਚ 6.5 ਕਰੋੜ ਰੁਪਏ ਸੀ।
ਇਨ੍ਹਾਂ ਰਿਕਾਰਡ ਤੋੜ ਅੰਕੜਿਆਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਪੁਖਤਾ ਤੇ ਸੁਚੱਜੇ ਪ੍ਰਬੰਧਾਂ ਦਾ ਨਤੀਜਾ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਮਿਹਨਤ ਦੀ ਕਮਾਈ ਦੀ ਨਿਰਵਿਘਨ ਵਿਕਰੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ।
