*ਕਣਕ ਦੀ ਖਰੀਦ ਪ੍ਰਕਿਰਿਆ ਦੇ ਚਲਦਿਆਂ ਅਨਾਜ ਮੰਡੀਆਂ ’ਚ ਕੋਵਿਡ ਤੋਂ ਬਚਾਅ ਲਈ ਵਿਸ਼ੇਸ਼ ਟੀਕਾਕਰਨ ਕੈਂਪ ਜਾਰੀ*

0
14

ਮਾਨਸਾ, 20 ਅਪ੍ਰੈਲ ( ਸਾਰਾ ਯਹਾਂ /ਮੁੱਖ ਸੰਪਾਦਕ): ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੇ ਨਾਲੋ ਨਾਲ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਸਮੇਤ ਹੋਰ ਵਰਗਾਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਕੋਵਿਡ ਤੋਂ ਬਚਾਅ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਕੋਵਿਡ ਦੇ ਪਾਸਾਰ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਕੜੀ ਤਹਿਤ ਹੁਣ ਤੱਕ ਵੱਖ ਵੱਖ ਅਨਾਜ ਮੰਡੀਆਂ ਵਿੱਚ 9 ਕੈਂਪ ਲਗਵਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚ ਸੈਂਕੜੇ ਨਾਗਰਿਕਾਂ ਦਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਟੀਕਾਕਰਨ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲਿਆਂ ਨੂੰ ਸਮੂਹ ਵਰਗਾਂ ਨੂੰ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਟੀਕਾਕਰਨ ਕਰਵਾਉਣ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਜਿਸ ਦੇ ਚਲਦਿਆਂ ਪਿਛਲੇ ਕੁਝ ਦਿਨਾਂ ਵਿੱਚ ਹੀ ਟੀਕਾਕਰਨ ਕਰਵਾਉਣ ਵਾਲਿਆਂ ਦੀ ਪ੍ਰਤੀਸ਼ਤਤਾ ਵਿੱਚ ਵਾਧਾ ਹੋਇਆ ਹੈ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਕੋਵਿਡ ਤੋਂ ਬਚਾਅ ਲਈ ਅਤੇ ਆਪਣੀ ਇਮਿਊਨਿਟੀ ਨੂੰ ਮਜ਼ਬੂਤ ਕਰਨ ਲਈ ਟੀਕਾਕਰਨ ਕਰਵਾਉਣ ਦੀ ਅਹਿਮੀਅਤ ਬਾਰੇ ਵੀ ਨਾਗਰਿਕਾਂ ਨੂੰ ਦੱਸਿਆ। ਇਹ 9 ਕੈਂਪ ਮਾਨਸਾ ਤੋਂ ਇਲਾਵਾ ਬਰੇਟਾ, ਬੋਹਾ, ਬੁਢਲਾਡਾ ਤੇ ਸਰਦੂਲਗੜ੍ਹ ਦੀਆਂ ਅਨਾਜ ਮੰਡੀਆਂ ਵਿਖੇ ਲਗਾਏ ਗਏ।


ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਨੀਸ਼ ਗੋਇਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਖਿਲਾਫ਼ ਜੰਗ ਨੂੰ ਫ਼ਤਿਹ ਕਰਨ ਲਈ ਖੁਦ ਦੇ ਨਾਲ ਨਾਲ ਆਪਣੇ ਪਰਿਵਾਰਾਂ ਤੇ ਆਲੇ-ਦੁਆਲੇ ਵਸਦੇ ਲੋਕਾਂ ਦੀ ਸਿਹਤ ਸੁਰੱਖਿਆ ਲਈ ਜਿਥੇ ਸਿਹਤ ਸਾਵਧਾਨੀਆਂ ਦੀ ਪਾਲਣਾ ਸਮੇਂ ਦੀ ਅਹਿਮ ਲੋੜ ਹੈ ਉਥੇ ਹੀ ਟੀਕਾਕਰਨ ਜ਼ਰੂਰ ਕਰਵਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ 527 ਨਾਗਰਿਕਾਂ ਦਾ ਟੀਕਾਕਰਨ ਹੋਇਆ ਹੈ ਅਤੇ ਜਲਦੀ ਹੀ ਹੋਰਨਾਂ ਮੰਡੀਆਂ ਵਿਖੇ ਵੀ ਅਜਿਹਾ ਟੀਕਾਕਰਨ ਕੈਂਪ ਲਗਾਇਆ ਜਾਵੇਗਾ ਤਾਂ ਜੋ ਸਮੁੱਚੇ ਖਰੀਦ ਸੀਜ਼ਨ ਦੌਰਾਨ ਕੋਵਿਡ ਦੇ ਪਾਸਾਰ ਨੂੰਮੁਕੰਮਲ ਤੌਰ ’ਤੇ ਠੱਲ੍ਹ ਪਾਈ ਜਾ ਸਕੇ।  

NO COMMENTS