-ਕਣਕ ਦੀ ਖਰੀਦ 15 ਅਪ੍ਰੈਲ ਤੋਂ ਹੋਵੇਗੀ ਸ਼ੁਰੂ ; ਖਰੀਦ ਕੇਂਦਰਾਂ ਵਿਖੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

0
22

ਮਾਨਸਾ, 13 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹੇ ਅੰਦਰ ਕਣਕ ਦੀ ਖਰੀਦ ਦਾ ਕੰਮ 15 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਮੰਡੀਆਂ ਅੰਦਰ ਕਿਸਾਨਾਂ ਨੂੰ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਅੱਜ ਸਬੰਧਤ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰੱਖੀ ਗਈ ਅਹਿਮ ਮੀਟਿੰਗ ਦੌਰਾਨ ਕੀਤਾ।  ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਕਿਹਾ ਕਿ ਜ਼ਿਲ੍ਹੇ ਦੇ 115 ਖਰੀਦ ਕੇਂਦਰਾਂ ਵਿੱਚ ਪਾਣੀ, ਬਿਜਲੀ ਤੋਂ ਇਲਾਵਾ ਹੋਰ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਖਰੀਦ ਕੇਂਦਰਾਂ ਵਿੱਚ ਸਮਾਜਿਕ ਦੂਰੀ ਦਾ ਵੀ ਪੂਰਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਉੱਥੇ ਆਉਣ ਵਾਲੇ ਹਰੇਕ ਵਿਅਕਤੀ ਦਾ ਮੂੰਹ ਢੱਕਿਆ ਹੋਣਾ ਚਾਹੀਦਾ ਹੈ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੰਮ ਲਈ ਸਬੰਧਤ ਮਾਰਕਿਟ ਕਮੇਟੀ ਵੱਲੋਂ ਆੜ੍ਹਤੀਆਂ ਨੂੰ ਜ਼ਿਮੀਦਾਰਾਂ ਨੂੰ ਦੇਣ ਲਈ ਟਰਾਲੀ ਪਾਸ ਜਾਰੀ ਕੀਤੇ ਜਾਣਗੇ, ਤਾਂ ਜੋ ਕਰਫਿਊ ਦੌਰਾਨ ਉਨ੍ਹਾਂ ਨੂੰ ਮੰਡੀਆਂ ਵਿੱਚ ਆਉਣ ਵਿੱਚ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਜਿਸ ਕਿਸਾਨ ਕੋਲ ਇਹ ਟਰਾਲੀ ਪਾਸ ਹੋਵੇਗਾ, ਉਹੀ ਖਰੀਦ ਕੇਂਦਰ ਵਿੱਚ ਦਾਖਲ ਹੋ ਸਕੇਗਾ। ਉਨ੍ਹਾਂ ਆੜ੍ਹਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਅਤੇ ਆੜ੍ਹਤੀਆਂ ਅਧੀਨ ਕੰਮ ਕਰਦੀ ਲੇਬਰ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੀ ਮੁਹੱਈਆ ਕਰਵਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਆਦਿਤਯ ਡੇਚਲਵਾਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਨੀਸ਼ ਗੋਇਲ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here