ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ : ਡਿਪਟੀ ਕਮਿਸ਼ਨਰ ਮਾਨਸਾ

0
19

ਮਾਨਸਾ, 21 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਵੇਖਣ ਵਿੱਚ ਆਉਂਦਾ ਹੈ ਕਿ ਫਸਲ ਕੱਟਣ ਤੋਂ ਬਾਅਦ ਕਿਸਾਨਾਂ ਵੱਲੋਂ ਕਣਕ ਦੀ ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਪ੍ਰਦੂਸ਼ਨ ਵੱਧਦਾ ਹੈ ਅਤੇ ਲੋਕਾਂ ਨੂੰ ਸਾਹ ਦੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਲਈ ਵਿਭਾਗ ਦੀਆਂ ਟੀਮਾਂ ਅਤੇ ਗੁਰੂ ਘਰਾਂ ਵਿੱਚੋਂ ਵੀ ਅਨਾਊਂਸਮੈਂਟ ਕਰਵਾਈ ਜਾਵੇ, ਤਾਂ ਜੋ ਕਿਸਾਨ ਨਾੜ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਫਿਰ ਵੀ ਕਿਸਾਨ ਨਾੜ ਨੂੰ ਅੱਗ ਲਗਾਉਂਦੇ ਹਨ, ਤਾਂ ਉਨ੍ਹਾਂ ਦੇ ਰਕਬੇ ਦੇ ਹਿਸਾਬ ਅਨੁਸਾਰ ਚਲਾਨ ਕੱਟਣੇ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਜਿਹੜੇ ਹਾਟ-ਸਪਾਟ ਇਲਾਕੇ ਹਨ, ਉਨ੍ਹਾਂ ਇਲਾਕਿਆਂ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਵਿੱਚ ਹੋਰ ਜ਼ੋਰ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮਝਾਇਆ ਜਾਵੇ ਕਿ ਕਣਕ ਦੀ ਨਾੜ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉਥੇ ਹੋਰ ਵੀ ਕਈ ਤਰ੍ਹਾਂ ਦੀਆਂ ਦੁਰਘਟਨਾਵਾਂ ਘੱਟਣ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਆਦਿਤਯ ਡੇਚਲਵਾਲ, ਐਸ.ਡੀ.ਐਮ. ਮਾਨਸਾ ਸ਼੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਰਾਜਪਾਲ ਸਿੰਘ, ਡੀ.ਐਸ.ਪੀ. ਸ਼੍ਰੀ ਸਰਬਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਰਾਮ ਸਰੂਪ, ਐਸ.ਡੀ.ਓ. ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਸ਼੍ਰੀ ਸੁਖਦੇਵ ਸਿੰਘ ਗਿੱਲ ਅਤੇ ਸ਼੍ਰੀ ਪ੍ਰਭਦੀਪ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here