*ਕਣਕ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੱਬਾਂ ਭਾਰ*

0
16

ਮਾਨਸਾ, 6 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ): ਕੋਰੋਨਾ ਮਹਾਂਮਾਰੀ ਕਾਰਨ ਸਿਹਤ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੱਬਾਂ ਭਾਰ ਹੈ।
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਨਾਜ ਦੀ ਖਰੀਦ ਸਮੇਂ ਕਿਸਾਨਾਂ ਦੀ ਸਹੂਲਤ ਲਈ ਵਿਸਤ੍ਰਿਤ ਪ੍ਰਬੰਧ ਯਕੀਨੀ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਕਿ ਹਰੇਕ ਖਰੀਦ ਕੇਂਦਰ ਵਿੱਚ ਕਣਕ ਦੀ ਗੁਣਵੱਤਾ ਦੀ ਨਿਗਰਾਨੀ ਲਈ ਲੋੜੀਂਦੇ ਉਪਕਰਣ, ਬਿਜਲੀ, ਸ਼ੈੱਡਾਂ, ਕਿਸਾਨਾਂ ਲਈ ਸ਼ੈੱਡ, ਪੀਣ ਵਾਲੇ ਸਾਫ ਪਾਣੀ ਦੀ ਉਪਲਬਧਤਾ ਦੇ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਸ ਪ੍ਰਣਾਲੀ ਰਾਹੀਂ ਇੱਕ ਪਾਸੇ ਮੰਡੀ ਵਿੱਚ ਕਿਸਾਨਾਂ ਦੀ ਭੀੜ ਨੂੰ ਘਟਾਉਣ ਅਤੇ ਦੂਜੇ ਪਾਸੇ ਖਰੀਦ ਦੌਰਾਨ ਸਮਾਜਿਕ ਦੂਰੀ ਬਣਾਈ ਰੱਖਣ ਵਿੱਚ ਮਦਦ ਮਿਲੇਗੀ।ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਫੈਲੇ ਹੋਏ ਕੋਰੋਨਾ ਵਾਇਰਸ ਤੋਂ ਖੁਦ ਨੂੰ ਅਤੇ ਆਪਣੇ ਪਰਿਵਾਰਾਂ ਤੇ ਹੋਰ ਨਾਗਰਿਕਾਂ ਨੂੰ ਖੇਤਾਂ ਅਤੇ ਅਨਾਜ ਮੰਡੀਆਂ ਵਿੱਚ ਸੁਰੱਖਿਅਤ ਰੱਖਣ ਲਈ ਸਾਵਧਾਨੀਆਂ ਨੂੰ ਲਾਗੂ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਵਾਇਰਸ ਇੱਕ ਵਿਅਕਤੀ ਤੋਂ ਦੂਜੇ ਵਿਅਕਤੀਆਂ ਤੱਕ ਤੇਜ਼ੀ  ਨਾਲ ਫੈਲਦਾ ਹੈ ਇਸ ਲਈ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕੀਤੀ ਜਾਵੇ। ਅਨਾਜ ਮੰਡੀਆਂ ਵਿੱਚ ਸਮੁੱਚੀ ਖਰੀਦ ਪ੍ਰਕ੍ਰਿਆ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਰਜਨੀਸ਼ ਗੋਇਲ ਨੇ ਦੱਸਿਆ ਕਿ ਮੰਡੀ ਬੋਰਡ ਦੀਆਂ ਟੀਮ ਵਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਕਿਸਾਨ, ਮਜ਼ਦੂਰ ਅਤੇ ਹੋਰਨਾਂ ਵਲੋਂ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਪੇਂਟ ਨਾਲ 30×30 ਅਕਾਰ ਦੇ ਡੱਬੇ ਬਣਾਏ ਗਏ ਹਨ ਜਿਸ ਵਿੱਚ ਕਣਕ ਦੀਆਂ ਢੇਰੀਆਂ ਲੱਗਣਗੀਆਂ ਅਤੇ ਬੋਰੀਆਂ ਦੀ ਚੁਕਾਈ ਵੀ ਇੰਜ ਹੀ ਹੋਵੇਗੀ।

LEAVE A REPLY

Please enter your comment!
Please enter your name here