*ਕਣਕ ਦੇ ਖਰੀਦ ਪ੍ਰਬੰਧਾਂ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ-ਵੀ.ਕੇ.ਮੀਨਾ*

0
54


ਮਾਨਸਾ, 28 ਅਪ੍ਰੈਲ:(ਸਾਰਾ ਯਹਾਂ/ਬੀਰਬਲ ਧਾਲੀਵਾਲ)
ਜ਼ਿਲ੍ਹਾ ਮਾਨਸਾ ਦੇ ਪ੍ਰਭਾਰੀ ਸਕੱਤਰ ਸ੍ਰੀ ਵੀ.ਕੇ. ਮੀਨਾ ਅਤੇ ਡਿਪਟੀ ਕਮਿਸ਼ਨਰ ਵੱਲੋਂ ਮਾਨਸਾ ਜ਼ਿਲ੍ਹੇ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਅਨਾਜ ਮੰਡੀ ਭੀਖੀ, ਮਾਨਸਾ ਅਤੇ ਸਰਦੂਲਗੜ੍ਹ ਦਾ ਦੌਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਆਖਿਆ ਕਿ ਕਣਕ ਦੇ ਖਰੀਦ ਪ੍ਰਬੰਧਾਂ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਮੰਡੀਆਂ ’ਚ ਖਰੀਦੀ ਗਈ ਕਣਕ ਦੀ ਨਾਲੋ ਨਾਲ ਲਿਫਟਿੰਗ ਯਕੀਨੀ ਬਣਾਈ ਜਾਵੇ। ਉਨਾਂ ਦੱਸਿਆ ਕਿ ਮੰਡੀਆਂ ਵਿੱਚ ਕਣਕ ਵੇਚਣ ਵਾਲੇ ਕਿਸਾਨਾਂ ਨੂੰ ਨਾਲੋਂ ਨਾਲ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ।
ਉਨ੍ਹਾਂ ਮੰਡੀਆਂ ਅੰਦਰ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਤੇ ਆੜ੍ਹਤੀਆਂ ਪਾਸੋਂ ਮੰਡੀਆਂ ਅੰਦਰ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮੰਡੀਆਂ ਅੰਦਰ ਬਾਰਦਾਨੇ ਦੀ ਉਪਲੱਬਧਤਾ, ਰੋਜ਼ਾਨਾ ਮੰਡੀਆਂ ਵਿਚ ਕਣਕ ਦੀ ਆਮਦ, ਖਰੀਦ, ਲੇਬਰ ਅਤੇ ਟਰਾਂਸਪੋਰਟ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਲਿਫਟਿੰਗ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਲਈ ਆੜ੍ਹਤੀਆਂ ਅਤੇ ਐਫ.ਸੀ.ਆਈ. ਦੀ ਲੇਬਰ ਦੀ ਮਦਦ ਲਈ ਜਾਵੇ।
ਸ੍ਰੀ ਵੀ.ਕੇ. ਮੀਨਾ ਨੇ ਅਨਾਜ ਮੰਡੀਆਂ ਦੇ ਦੌਰੇ ਮੌਕੇ ਖਰੀਦ ਏਜੰਸੀਆਂ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਆਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।            
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 4,85,988 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਕੁੱਲ 4,54,344 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਕਣਕ ਦੀ ਅਦਾਇਗੀ ਖਰੀਦ ਦੇ 48 ਘੰਟੇ ਵਿੱਚ ਕਰਨ ਦੇ ਨਿਯਮ ਹਨ ਅਤੇ ਇਸ ਨਿਯਮ ਅਨੁਸਾਰ 48 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਦੇ ਬਦਲੇ ਕਿਸਾਨਾਂ ਨੂੰ 887.49 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
        ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਪਨਗਰੇਨ ਵੱਲੋਂ 160044 ਮੀਟਰਕ ਟਨ, ਮਾਰਕਫੈਡ ਵੱਲੋਂ 136070 ਮੀਟਰਕ ਟਨ, ਪਨਸਪ ਵੱਲੋਂ 107912 ਮੀਟਰਕ ਟਨ, ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 42915 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 7403 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰ. ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਮਨ ਮੰਗਲਾ, ਜ਼ਿਲ੍ਹਾ ਮੈਨੇਜ਼ਰ ਪਨਸਪ ਸ੍ਰੀ ਅਮਿਤ ਕੁਮਾਰ, ਜ਼ਿਲ੍ਹਾ ਮੈਨੇਜ਼ਰ ਮਾਰਕਫੈਡ ਸ੍ਰੀ ਵਿਸ਼ਾਲ ਗੁਪਤਾ, ਜ਼ਿਲ੍ਹਾ ਮੈਨੇਜ਼ਰ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਸ੍ਰ. ਪਰਮਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here