*ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਨੇ ਕੀਤੀ ਸਮੀਖਿਆ ਮੀਟਿੰਗ*

0
23

ਮਾਨਸਾ, 15 ਅਪ੍ਰੈਲ( ਸਾਰਾ ਯਹਾਂ /ਹਿਤੇਸ਼ ਸ਼ਰਮਾ) : ਜ਼ਿਲ੍ਹੇ ਦੇ 140 ਖਰੀਦ ਕੇਂਦਰਾਂ ਵਿੱਚ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਅਧਿਕਾਰੀਆਂ ਤੋਂ ਸਰਕਾਰੀ ਖਰੀਦ ਏਜੰਸੀਆਂ ਮੁਤਾਬਿਕ ਫਸਲ ਦੀ ਆਮਦ ਅਤੇ ਬਾਰਦਾਨੇ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਉਪਰੰਤ ਨਿਰਧਾਰਿਤ ਸਮੇਂ ਅੰਦਰ ਲਿਫ਼ਟਿੰਗ ਕਰਵਾਉਣੀ ਵੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ ਇਸ ਲਈ ਸੰਭਾਵਿਤ ਫਸਲ ਦੇ ਅਨੁਸਾਰ ਬਾਰਦਾਨੇ ਦਾ ਮੰਡੀਆਂ ਅੰਦਰ ਸੁਚੱਜਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਕਣਕ ਦੀ ਫਸਲ ਦੀ ਖਰੀਦ ਸਬੰਧੀ ਜਾਣਕਾਰੀ ਲੈਣ ਹਿੱਤ ਏਜੰਸੀਆਂ ਨਾਲ ਮੀਟਿੰਗ ਕਰਨੀ ਯਕੀਨੀ ਬਣਾਉਣ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਨੀਸ਼ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 139390 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 96872 ਮੀਟਰਕ ਟਨ ਕਣਕ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀਮਤੀ ਸਰਬਜੀਤ ਕੌਰ, ਐਸ.ਪੀ. (ਐਚ) ਸ਼੍ਰੀ ਸਤਨਾਮ ਸਿੰਘ ਸਿੱਧੂ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ, ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

NO COMMENTS