ਚੰਡੀਗੜ੍ਹ, 25 ਅਪ੍ਰੈਲ (ਸਾਰਾ ਯਹਾਂ/ ਮੁੱਖ ਸੰਪਾਦਕ ): ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨ ਪੱਖੀ ਕਦਮਾਂ ਦੇ ਸਪੱਸ਼ਟ ਸਬੂਤ ਵਜੋਂ, ਕਣਕ ਦੇ ਖਰੀਦ ਸੀਜ਼ਨ 2022-23 ਦੌਰਾਨ ਕਿਸਾਨੀ ਭਾਈਚਾਰੇ ਨੂੰ 13000 ਕਰੋੜ ਰੁਪਏ ਤੋਂ ਵੱਧ ਦੀਆਂ ਅਦਾਇਗੀਆਂ ਕੀਤੀਆਂ ਗਈਆਂ ਹਨ ਅਤੇ 25 ਅਪ੍ਰੈਲ ਤੱਕ ਇਹ ਅੰਕੜਾ 13,697.09 ਕਰੋੜ ਰੁਪਏ ਹੋ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਅੱਜ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ ਇੱਕ ਦਹਾਕੇ ਦੌਰਾਨ ਕਿਸਾਨਾਂ ਨੂੰ ਕੀਤੀ ਗਈ ਇਹ ਸਭ ਤੋਂ ਵੱਧ ਅਦਾਇਗੀ ਹੈ।
ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਸਾਲ ਦੌਰਾਨ ਜਾਰੀ ਕੀਤੇ ਗਏ ਕੁੱਲ ਘੱਟੋ-ਘੱਟ ਸਮਰਥਨ ਮੁੱਲ ਦਾ ਭੁਗਤਾਨ ਪਿਛਲੇ ਸਾਲ ਇਸੇ ਮਿਤੀ ਤੱਕ (4754.42 ਕਰੋੜ ਰੁਪਏ) ਕੀਤੇ ਗਏ ਭੁਗਤਾਨ ਨਾਲੋਂ ਤਿੰਨ ਗੁਣਾ ਜ਼ਿਆਦਾ ਹੈ। ਉਹਨਾਂ ਕਿਹਾ ਕਿ ਇਹ ਰਿਕਾਰਡ ਤੋੜ ਅੰਕੜੇ ਮੁੱਖ ਮੰਤਰੀ ਦੇ ਸਖ਼ਤ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੀਤੇ ਗਏ ਪੁਖਤਾ ਪ੍ਰਬੰਧਾਂ ਦਾ ਨਤੀਜਾ ਹਨ। ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅੱਗੇ ਵੀ ਕਿਸਾਨਾਂ ਦੀ ਮਿਹਨਤ ਨਾਲ ਉਗਾਈ ਫਸਲ ਦੀ ਨਿਰਵਿਘਨ ਵਿਕਰੀ ਦੀ ਸਹੂਲਤ ਲਈ ਹਰ ਸੰਭਵ ਕਦਮ ਚੁੱਕਣਾ ਜਾਰੀ ਰੱਖੇਗੀ।————