ਚੰਡੀਗੜ੍ਹ 16,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਕੇਂਦਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਐਲਾਨ ਮਗਰੋਂ ਸਿਆਸਤ ਵੀ ਤੇਜ਼ ਹੋ ਗਈ ਹੈ। ਸਭ ਤੋਂ ਪਹਿਲਾਂ ਬੀਜੇਪੀ ਨੇ ਇਸ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਕੋਸ਼ਿਸ਼ ਕੀਤੀ। ਇਸ ਮਗਰੋਂ ਕਾਂਗਰਸ ਵੀ ਮੈਦਾਨ ਵਿੱਚ ਆ ਗਈ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲੇ ਜਥੇ ‘ਚ ਸ੍ਰੀ ਕਰਤਾਰਪੁਰ ਸਾਹਿਬ ਜਾਣਗੇ। ਉਨ੍ਹਾਂ ਨਾਲ ਪੰਜਾਬ ਮੰਤਰੀ ਵੀ ਸ਼ਾਮਲ ਹੋਣਗੇ। ਪਹਿਲਾ ਜਥਾ 200 ਲੋਕਾਂ ਦਾ ਜਾਣਾ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੋਦੀ ਸਰਕਾਰ ਦਾ ਧੰਨਵਾਦ ਕੀਤਾ ਹੈ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਵੀ ਕਰਤਾਰਪੁਰ ਲਾਂਘੇ ਨੂੰ ਲੈ ਕੇ ਸਰਗਰਮ ਹਨ। ਪਿਛਲੇ ਦਿਨੀਂ ਪੰਜਾਬ ਬੀਜੇਪੀ ਦੇ ਲੀਡਰਾਂ ਨੇ ਵੀ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਕੋਲ ਇਹ ਮੁੱਦਾ ਉਠਾਇਆ ਸੀ। ਅਕਾਲੀ ਦਲ ਵੀ ਲਾਂਘਾ ਖੋਲ੍ਹਣ ਦੀ ਮੰਗ ਕਰ ਰਿਹਾ ਸੀ।
ਅਜਿਹੇ ਮਾਹੌਲ ਵਿੱਚ ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਅੱਜ ਇਸ ਦਾ ਐਲਾਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਇਹ ਫੈਸਲਾ ਮੋਦੀ ਸਰਕਾਰ ਦੀ ਸ਼੍ਰੀ ਗੁਰੂ ਨਾਨਕ ਦੇਵ ਜੀ ਤੇ ਸਿੱਖ ਭਾਈਚਾਰੇ ਪ੍ਰਤੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਟਵੀਟ ਕੀਤਾ, ‘ਇੱਕ ਵੱਡਾ ਫੈਸਲਾ ਜਿਸ ਨਾਲ ਲੱਖਾਂ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ, ਨਰਿੰਦਰ ਮੋਦੀ ਸਰਕਾਰ ਨੇ ਕੱਲ੍ਹ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੋਦੀ ਸਰਕਾਰ ਦੀ ਗੁਰੂ ਨਾਨਕ ਦੇਵ ਜੀ ਤੇ ਸਿੱਖ ਭਾਈਚਾਰੇ ਪ੍ਰਤੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।’