-ਕਰਫਿਊ ਦੌਰਾਨ ਡਿਊਟੀ ਨਿਭਾਅ ਰਹੇ ਪੁਲਿਸ ਮੁਲਾਜ਼ਮਾਂ ਦਾ ਕਰਵਾਇਆ ਮੈਡੀਕਲ ਚੈਕਅੱਪ

0
28

ਮਾਨਸਾ, 02 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ)) : ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਪਿਛਲੇ ਤਿੰਨ ਹਫ਼ਤਿਆਂ ਤੋਂ ਸੂਬੇ ਅੰਦਰ ਕਰਫਿਊ ਲੱਗਾ ਹੋਇਆ ਹੈ ਅਤੇ ਇਸ ਮੌਕੇ ਜ਼ਿਲ੍ਹਾ ਵਾਸੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਤੇ ਕਰਫਿਊ ਦੇ ਹੁਕਮਾਂ ਨੂੰ ਜ਼ਿਲ੍ਹੇ ਅੰਦਰ 100 ਫੀਸਦੀ ਲਾਗੂ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਲਗਾਤਾਰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਲਗਨ ਨਾਲ ਨਿਭਾਈ ਜਾ ਰਹੀ ਹੈ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਅਤੇ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਅੱਜ ਕਰਫਿਊ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਮੈਡੀਕਲ ਚੈਕਅੱਪ ਅਤੇ ਉਨ੍ਹਾਂ ਨੂੰ ਫਲ ਪ੍ਰਦਾਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਸਿਹਤ ਦੀ ਪਰਵਾਹ ਕੀਤੇ ਬਿਨ੍ਹਾਂ ਇਨ੍ਹਾਂ ਵੱਲੋਂ ਦਿਨ-ਰਾਤ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਅਤੇ ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਲਗਾਤਾਰ ਡਿਊਟੀ ਨਿਭਾਅ ਰਹੇ ਮੁਲਾਜ਼ਮਾਂ ਦੀ ਹੌਂਸਲਾ ਅਫ਼ਜ਼ਾਈ ਲਈ ਅਤੇ ਉਨ੍ਹਾਂ ਦੀ ਸਿਹਤ ਜਾਂਚ ਲਈ ਮੁਲਾਜ਼ਮਾਂ ਦਾ ਡਾਕਟਰਾਂ ਦੀ ਦੇਖ-ਰੇਖ ਹੇਠ ਮੈਡੀਕਲ ਚੈਕਅੱਪ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਖਾਣ-ਪਾਣ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਫਲ ਦੇ ਪੈਕੇਟਸ ਵੀ ਵੰਡੇ ਗਏ, ਤਾਂ ਜੋ ਉਹ ਹੋਰ ਤਗੜੇ ਹੋ ਕੇ ਆਪਣੀ ਡਿਊਟੀ ਨਿਭਾਉਣ।
ਇਸ ਮੌਕੇ ਫਲਾਂ-ਸਬਜ਼ੀਆਂ ਦੇ ਰੇਟ ਨਿਰਧਾਰਤ ਕਰਨ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਕਿਹਾ ਕਿ ਉਨ੍ਹਾਂ ਨੂੰ ਹੈਲਪਲਾਈਨ ਨੰਬਰਾਂ ਰਾਹੀਂ ਕੁਝ ਸ਼ਿਕਾਇਤਾਂ ਮਿਲੀਆਂ ਸਨ, ਜਿਸ ਵਿੱਚ ਫਲ-ਸਬਜ਼ੀਆਂ ਦੇ ਰੇਟ ਵਧਾ ਕੇ ਵੇਚਣ ਦੀ ਵਿਕਰੇਤਾਵਾਂ ਖਿਲਾਫ਼ ਸ਼ਿਕਾਇਤ ਸੀ, ਜਿਸਨੂੰ ਲੋਕ ਹਿੱਤ ਵਿੱਚ ਦੇਖਦਿਆਂ ਹੁਣ ਰੋਜ਼ਾਨਾ ਫਲ-ਸਬਜ਼ੀਆਂ ਦੇ ਨਿਰਧਾਰਤ ਰੇਟਾਂ ਸਬੰਧੀ ਜਾਣਕਾਰੀ ਜ਼ਿਲ੍ਹਾ ਵਾਸੀਆਂ ਨਾਲ ਸਾਂਝੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਘਰਾਂ ਵਿੱਚ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਪੇ-ਚੱਪੇ ‘ਤੇ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਕਰਫਿਊ ਦੀ ਉਲੰਘਣਾਂ ਕਰਨ ਵਾਲਿਆਂ ਨੂੰ ਬਖ਼ਸਿਆ ਨਹੀਂ ਜਾਵੇਗਾ ਅਤੇ ਨਿਯਮਾਂ ਅਨੁਸਾਰ ਪਰਚੇ ਵੀ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਅਪੀਲ ਕਰਦਿਆਂ ਕਿਹਾ ਕਿ ਕਰਫਿਊ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਘਰਾਂ ਵਿੱਚ ਰਹਿ ਕੇ ਜ਼ਿਲ੍ਹਾ ਪ੍ਰਸਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਸਹਿਯੋਗ ਕੀਤਾ ਜਾਵੇ।    

LEAVE A REPLY

Please enter your comment!
Please enter your name here